ਚੰਡੀਗੜ੍ਹ: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਪੰਜਾਬ ਸਰਕਾਰ 'ਤੇ ਮੁਹੱਲਾ ਕਲੀਨਿਕਾਂ ਲਈ ਆਯੁਸ਼ਮਾਨ ਭਾਰਤ ਯੋਜਨਾ ਦੇ ਫੰਡਾਂ ਦੀ ਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸ ਮਾਮਲੇ 'ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਹਿੰਦੀ ਹੈ ਕਿ ਸਭ ਦਾ ਸਾਥ, ਸਭ ਦਾ ਵਿਕਾਸ ਹੈ ਅਤੇ ਜੇਕਰ ਕੇਂਦਰ ਸਰਕਾਰ ਸੂਬਿਆਂ ਨੂੰ ਪੈਸੇ ਭੇਜਦੀ ਹੈ ਤਾਂ ਉਹ ਆਪਣੇ ਪੱਲੇ ਤੋਂ ਨਹੀਂ ਸਗੋਂ ਸੂਬਿਆਂ ਵੱਲੋਂ ਅਦਾ ਕੀਤੇ ਟੈਕਸ ਤੋਂ ਬਾਅਦ ਹੀ ਭੇਜ ਦੀ ਹੈ।
ਸਿਹਤ ਮੰਤਰੀ ਦਾ ਜਵਾਬ: ਬਲਬੀਰ ਸਿੱਧੂ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਨੇ ਵਾਜਿਬ ਭਾਸ਼ਾ ਦਾ ਇਸਤੇਮਾਲ ਨਹੀਂ ਕੀਤਾ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਵੀ ਡਾਕਟਰ ਹਨ ਅਤੇ ਮੈਂ ਵੀ ਡਾਕਟਰ ਹਾਂ ਇਸ ਵਈ ਉਨ੍ਹਾਂ ਨੂੰ ਮੇਰੇ ਨਾਲ ਗੱਲ ਕਰਨੀ ਚਾਹੀਦੀ ਸੀ। ਬਲਬੀਰ ਸਿੱਧੂ ਨੇ ਕਿਹਾ ਕਿ ਮੁਹੱਲਾ ਕਲੀਨਿਕ ਇੱਕ ਕ੍ਰਾਂਤੀਕਾਰੀ ਕਦਮ ਹੈ ਅਤੇ ਅਸੀਂ ਉੱਥੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕੇਂਦਰ ਨੂੰ ਇਸ ਸ਼ਾਨਦਾਰ ਸਿਹਤ ਮਾਡਲ ਨੂੰ ਸਮਝ ਕੇ ਪੂਰੇ ਦੇਸ਼ ਅੰਦਰ ਲਾਗੂ ਕਰਨਾ ਚਾਹੀਦਾ ਹੈ।
ਆਯੂਸ਼ਮਾਨ ਭਾਰਤ ਫੰਡ ਦੀ ਵਰਤੋਂ: ਇਸ ਸਬੰਧੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਪੰਜਾਬ ਸਰਕਾਰ ਆਯੂਸ਼ਮਾਨ ਭਾਰਤ ਫੰਡ ਦੀ ਵਰਤੋਂ ਕਿਤੇ ਹੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਲੋਕਾਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਸਹੂਲਤਾਂ ਜਾਂ ਇਲਾਜ ਨਹੀਂ ਮਿਲ ਰਿਹਾ ਸੀ ਅਤੇ ਬਾਅਦ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਉਹ ਵੀ ਇਸ ਦਾ ਲਾਭ ਲੋਕਾਂ ਨੂੰ ਨਹੀਂ ਦੇ ਸਕੀ। ਜਿਸ ਕਾਰਨ ਕੇਂਦਰ ਸਰਕਾਰ ਨੇ ਉਸ ਪੈਸੇ ਨੂੰ ਰੋਕ ਦਿੱਤਾ ਸੀ ਅਤੇ ਇਹ ਲੋਕ ਉਸ ਪੈਸੇ ਦੀ ਵਰਤੋਂ ਕਿਸੇ ਹੋਰ ਸਿਆਸੀ ਮਕਸਦ ਲਈ ਕਰ ਰਹੇ ਸਨ।
ਉਨ੍ਹਾਂ ਕਿਹਾ ਉਕਤ ਹਸਪਤਾਲਾਂ ਦੇ ਬਿੱਲਾਂ ਵਿੱਚ ਵਾਧਾ ਹੋਣ ਕਾਰਨ ਅਤੇ ਅਦਾਇਗੀ ਨਾ ਹੋਣ ਕਾਰਨ ਉਨ੍ਹਾਂ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਸਿਆਸੀ ਦਬਾਅ ਕਾਰਨ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਦੇ ਕੁਝ ਪੈਸੇ ਜਾਰੀ ਕਰ ਦਿੱਤੇ ਪਰ ਅੱਜ ਵੀ ਪੰਜਾਬ ਵਿੱਚ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਲੋਕਾਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਗਰੀਬਾਂ ਲਈ ਸ਼ੁਰੂ ਕੀਤੀ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲ ਰਿਹਾ ਹੈ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦੇ ਹਨ ਕਿ ਗਰੀਬ ਲੋਕਾਂ ਦੇ ਇਲਾਜ ਲਈ ਆਉਣ ਵਾਲੇ ਪੈਸੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਨਾ ਵਰਤਣ।
ਇਹ ਵੀ ਪੜ੍ਹੋ: Deep Sidhu's death anniversary: ਇੱਥੇ ਮਨਾਈ ਗਈ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਬਰਸੀ
ਸਿਹਤ ਫੰਡਾਂ ਦੀ ਦੁਰਵਰਤੋਂ: ਕੇਂਦਰੀ ਸਿਹਤ ਮੰਤਰੀ ਵੱਲੋਂ ਪੰਜਾਬ ਸਰਕਾਰ 'ਤੇ ਸਿਹਤ ਫੰਡਾਂ ਦੀ ਦੁਰਵਰਤੋਂ ਦੇ ਲਾਏ ਜਾ ਰਹੇ ਇਲਜ਼ਾਮਾਂ ਉੱਤੇ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਵੱਲੋਂ ਉਠਾਏ ਗਏ ਮੁੱਦੇ 'ਤੇ ਕਾਂਗਰਸ ਪਾਰਟੀ ਵੱਲੋਂ ਵੀ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਕਈ ਵਾਰ ਸਵਾਲ ਖੜ੍ਹੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੇਂਦਰੀ ਮੰਤਰੀ ਨੇ ਇਹ ਮਾਮਲਾ ਉਠਾਇਆ ਹੈ ਤਾਂ ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਮੁਹੱਲਾ ਕਲੀਨਿਕ ਗੈਰ-ਸੰਵਿਧਾਨਕ ਤਰੀਕੇ ਨਾਲ ਚਲਾਏ ਜਾ ਰਹੇ ਹਨ। ਜਿੱਥੋਂ ਤੱਕ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੇ ਦਾ ਸਬੰਧ ਹੈ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਅੱਗੇ ਆ ਕੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।