ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਡੇਅਰੀ ਉਦਯੋਗ ਨਾਲ ਜੁੜੇ ਕਿਸਾਨਾਂ ਦਾ ਪੱਧਰ ਉੱਚਾ ਚੁੱਕਣ ਲਈ ਇਕ ਸਮਾਗਮ ਦੌਰਾਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੁੱਧ ਦੇ ਖਰੀਦ ਭਾਅ ਨੂੰ ਵਧਾਉਣ ਬਾਰੇ ਕਿਹਾ ਗਿਆ ਸੀ, ਜਿਸ ਉੱਤੇ ਅਮਲ ਕਰਦਿਆਂ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ, ਪੰਜਾਬ ਕਮਲਦੀਪ ਸਿੰਘ ਸੰਘਾ ਵੱਲੋਂ ਰੇਟ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਦੱਸਣਯੋਗ ਹੈ ਵੇਰਕਾ ਵੱਲੋਂ 1 ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿਚ 10 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਹੋ ਰਿਹਾ ਹੈ।
ਇਸ ਸਬੰਧੀ ਹਰਮਿੰਦਰ ਸਿੰਘ ਸੰਧੂ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਲਾਭ ਦੇਣ ਲਈ ਮਿਲਕਫੈੱਡ ਵੱਲੋਂ ਇਸ ਸਾਲ ਦੌਰਾਨ ਦੁੱਧ ਦੇ ਖਰੀਦ ਭਾਅ ਵਿਚ 9ਵੀਂ ਵਾਰ ਰਿਕਾਰਡ ਵਾਧਾ ਕੀਤਾ ਗਿਆ ਹੈ ਅਤੇ ਦੁੱਧ ਦੀ ਪੈਦਾਵਾਰ ਉਤੇ ਹੋਣ ਵਾਲੇ ਖ਼ਰਚਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਹਿਕਾਰਤਾ ਅਤੇ ਜੇਲ੍ਹ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੀ ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿਚ 10 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ ਜਿਸ ਨਾਲ ਦੁੱਧ ਦਾ ਖਰੀਦ ਭਾਅ 660 ਰੁਪਏ ਪ੍ਰਤੀ ਕਿੱਲੋ ਫੈਟ ਤੋ ਵੱਧ ਕੇ 670 ਰੁਪਏ ਪ੍ਰਤੀ ਕਿੱਲੋ ਫੈਟ ਹੋ ਗਿਆ ਹੈ।