ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕਰ ਲਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਆਮਦਨ ਤੋਂ ਵੱਧ ਸੰਪੱਤੀ: ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਕੀਤੀ ਗਈ ਪੜਤਾਲ ਦੌਰਾਨ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596 ਰੁਪਏ ਸੀ ਜਦਕਿ ਖਰਚਾ 8,76,30,888 ਰੁਪਏ ਸੀ ਜੋ ਕਿ 6,39,18,292 ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੂ ਸਾਦਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਨਾਲ ਹੀ ਉਨ੍ਹਾਂ ਕਿਹਾ ਸਾਧੂ ਸਿੰਘ ਧਰਮਸੋਤ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਸਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰੱਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਸਨ।
ਸਕਾਲਰਸ਼ਿਪ ਘੁਟਾਲੇ ਦੇ ਵੀ ਲੱਗੇ ਸਨ ਇਲਜ਼ਾਮ: ਦੱਸ ਦਈਏ ਕਿ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕਾਂਗਰਸ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਪੰਜਾਬ ਦੀ ਵਜ਼ੀਰੀ 'ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ 'ਤੇ ਸ਼ਕਾਲਰਸ਼ਿਪ ਦੇ 63.91 ਕਰੋੜ ਦੇ ਘੁਟਾਲੇ ਦੇ ਇਲਜ਼ਾਮ ਲੱਗੇ ਸਨ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਦੱਸ ਦਈਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦੂਜੀ ਵਾਰ ਹੋਈ ਹੈ ਅਤੇ ਉਸ ਨੂੰ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਮਗਰੋਂ ਜ਼ਮਾਨਤ ਉੱਤੇ ਧਰਮਸੋਤ ਜੇਲ੍ਹ ਤੋਂ ਬਾਹਰ ਸਨ।