ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (PACL) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ।
ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ : ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀਏਸੀਐਲ ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀਏਸੀਐਲ ਦਾ ਕਿਸੇ ਵੀ ਰੂਪ ਵਿੱਚ ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ ਪਰ ਬਾਵਜੂਦ ਇਸਦੇ ਇਨ੍ਹਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ/ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ, ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (CIS) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21.02.2023 ਨੂੰ ਦਰਜ ਇੱਕ ਹੋਰ ਐਫ.ਆਈ.ਆਰ. ਨੰਬਰ 01 ਅਧੀਨ ਧਾਰਾ 406, 420, 465, 467, 468, 471, 384, 120-ਬੀ ਆਈ.ਪੀ.ਸੀ. ਵਿੱਚ ਵੀ ਲੋੜੀਂਦਾ ਸੀ। ਇਸ ਕੇਸ ਵਿੱਚ 01.01.2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ’ਤੇ ਪੀਏਸੀਐਲ ਦੇ ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ/ਇਕਾਈਆਂ ਤੋਂ ਪੈਸਾ ਵਸੂਲਣ ਵਿੱਚ ਉਸਦੀ ਭੂਮਿਕਾ ਦੱਸੀ ਜਾਂਦੀ ਹੈ।
- Statue of late singer Sidhu Moosewala: ਅੰਮ੍ਰਿਤਸਰ ਦੇ ਬੰਗਲਾ ਕਲੋਨੀ 'ਚ ਬੰਗਾਲੀ ਕਾਰੀਗਰਾਂ ਨੇ ਬਣਾਇਆ ਮਰਹੂਮ ਮੂਸੇਵਾਲਾ ਦਾ ਬੁੱਤ, ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ
- Bishan Singh Bedi Passes Away : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਹੋਇਆ ਦੇਹਾਂਤ, 77 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
- Bad air quality in Ludhiana: ਲੁਧਿਆਣਾ ਦੀ ਵੀ ਆਬੋ-ਹਵਾ ਹੋਈ ਖਰਾਬ, ਏਅਰ ਕੁਆਲਿਟੀ ਇੰਡੈਕਸ ਪਹੁੰਚਿਆ 150 ਤੋਂ ਪਾਰ, ਲੋਕਾਂ ਨੂੰ ਸਾਂਹ ਲੈਣ 'ਚ ਹੋ ਰਹੀ ਪ੍ਰੇਸ਼ਾਨੀ
ਮੁਲਜ਼ਮਾਂ ਨੂੰ ਰਿਮਾਂਡ : ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਪੀਏਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐੱਲ ਦੇ ਗੈਰ ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀਏ ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।