ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਫਰਜ਼ੀ ਪੱਤਰਕਾਰਾਂ (fake journalist) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ। ਦੋਵੇਂ ਮੁਲਜ਼ਮ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਦੇ ਸਨ। ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਰਿਸ਼ਵਤ ਲੈਂਦਿਆਂ ਮੌਕੇ ਉੱਤੇ ਕਾਬੂ: ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਐਸ.ਏ.ਐਸ.ਨਗਰ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਹਾਲਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸ਼ਾਖਾ (Economic Offenses Branch) ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਹੀ ਕਾਬੂ ਕਰ ਲਿਆ।
- Bunty Romana In Judicial Custody: ਅਕਾਲੀ ਆਗੂ ਪਰਮਬੰਸ ਬੰਟੀ ਰੋਮਾਣਾ ਨੂੰ ਮੈਡੀਕਲ ਮਗਰੋਂ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
- Ludhiana Chemical Leak: ਲੁਧਿਆਣਾ ਦੇ ਟਰਾਂਸਪੋਰਟ ਨਗਰ 'ਚ ਡਰੰਮ ਵਿੱਚੋਂ ਕੈਮੀਕਲ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋ ਰਹੀ ਪਰੇਸ਼ਾਨੀ, ਅੱਖਾਂ ਵਿੱਚ ਜਲਨ ਦੀ ਸ਼ਿਕਾਇਤ
- Arjun Babuta Qualified For Olympics: ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੀਤਾ ਕੁਆਲੀਫਾਈ, ਤਿਆਰੀ ਲਈ ਮਿਲਣਗੇ 15 ਲੱਖ ਰੁਪਏ
ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼: ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti corruption Act) ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਵਾਸਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈਣ ਲਈ ਉਨ੍ਹਾਂ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।