ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਥਾਣਾ ਸਿਟੀ-2 ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਜਸਵੀਰ ਕੌਰ ਵਾਸੀ ਢਿੱਲੋ ਨਗਰ, ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ. ਵੱਲੋ ਉਸ ਨੂੰ ਇੱਕ ਮਾਮਲੇ ਵਿੱਚ ਅਦਾਲਤ ਵਿੱਚੋ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਗਈ ਅਤੇ ਸੌਦਾ 50,000 ਵਿੱਚ ਤੈਅ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ 700 ਦੇ ਕਰੀਬ ਕਿਸਾਨ ਦਿੱਲੀ ਦੇ ਸ਼ਾਹੀਨ ਬਾਗ ਲਈ ਹੋਏ ਰਵਾਨਾ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।