ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪ੍ਰੀਤਮ ਸਿੰਘ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਫੜਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਉਸ ਵਿਰੁੱਧ ਚੱਲ ਰਹੇ ਕੇਸ ਵਿੱਚ ਅਦਾਲਤ ਵਿਚੋਂ ਜ਼ਮਾਨਤ ਦਿਵਾਉਣ ਬਦਲੇ 50,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 20,000 ਵਿੱਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।