ਚੰਡੀਗੜ੍ਹ: ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਜੇਲ੍ਹ 'ਚ ਰੱਖਣ ਲਈ ਵਕੀਲਾਂ 'ਤੇ 55 ਲੱਖ ਖਰਚਣ ਦੇ ਮਾਮਲੇ ਦੀ ਜਾਂਚ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾ ਦਿੱਤੀ ਗਈ ਹੈ। ਇਸ ਜਾਂਚ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਹਿਮਤੀ ਦਿੱਤੀ ਹੈ।
ਮੁੱਖ ਮੰਤਰੀ ਦੀ ਇਜਾਜਤ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਪਿਛਲੀ ਸਰਕਾਰ ਦੇ ਦੌਰਾਨ ਕਿਸ ਮੰਤਰੀ ਜਾਂ ਨੇਤਾ ਦੇ ਕਹਿਣ ਉੱਤੇ ਮੁਖਤਾਰ ਅੰਸਾਰੀ ਨੂੰ ਪੰਜਾਬ ਵਿੱਚ ਰਖਣ ਦੇ ਲਈ ਕਾਨੂੰਨੀ ਲੜਾਈ ਦੇ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿਖਾਉਣ ਤੋਂ ਬਾਅਦ ਗ੍ਰਹਿ ਵਿਭਾਗ ਦੇ ਪ੍ਰਮੁੱਕ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਗੌਰਵ ਯਾਦਵ ਨੂੰ ਮਾਮਲੇ ਦੀ ਜਾਂਚ 2 ਹਫਤੇ ਵਿੱਚ ਪੂਰੀ ਕਰਕੇ ਰਿਪੋਰਟਾਂ ਜਮ੍ਹਾ ਕਰਵਾਉਣ ਨੂੰ ਕਿਹਾ ਹੈ ਕਿ ਇੰਟੇਲੀਜੈਂਸ ਦੇ ਏਡੀਜੀਪੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਨੁਰਾਗ ਵਰਮਾ ਨੇ ਸਖਤ ਹਦਾਇਤ ਦਿੱਤੀ ਹੈ ਕਿ ਜਾਂਚ ਏਡੀਜੀਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦਾ ਨਾਂ ਸਾਹਮਣੇ ਆਵੇਗਾ ਉਨ੍ਹਾਂ ਉੱਤੇ ਲੱਖਾਂ ਰੁਪਏ ਦੇ ਖਰਚ ਦੀ ਜਿੰਮੇਦਾਰੀ ਤੈਅ ਹੋਵੇਗੀ।
ਜੇਲ੍ਹ ਮੰਤਰੀ ਨੇ ਚੁੱਕੇ ਸੀ ਸਵਾਲ: ਦੱਸ ਦਈਏ ਕਿ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਵੀ ਗੈਂਗਸਟਰ ਅੰਸਾਰੀ ਦਾ ਮੁੱਦਾ (gangster Mukhtar Ansari) ਉਭਾਰਿਆ ਸੀ। ਉਨ੍ਹਾਂ ਦਾ ਦਾਅਵਾ ਕੀਤਾ ਸੀ ਕਿ ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਕੇ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਲ੍ਹ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ। ਮੰਤਰੀ ਨੇ ਕਿਹਾ ਸੀ ਕਿ ਯੂਪੀ ਸਰਕਾਰ ਨੇ 26 ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਪਰ ਪੰਜਾਬ ਤੋਂ ਉੱਤਰ ਪ੍ਰਦੇਸ਼ ਨਹੀਂ ਭੇਜਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਸੁੱਖ ਸਹੂਲਤਾਂ ਦਿੱਤੀਆਂ ਗਈਆਂ ਸਨ।
ਅੰਸਾਰੀ ਨੂੰ ਲੈਕੇ ਸਾਬਕਾ ਜੇਲ੍ਹ ਮੰਤਰੀ ਉੱਤੇ ਸਵਾਲ: ਮੁਖਤਾਰ ਅੰਸਾਰੀ ਨੂੰ ਲੈਕੇ ਕਾਂਗਰਸ ਦੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਲਗਾਤਾਰ ਸਵਾਲਾਂ ਵਿੱਚ ਰਹਿੰਦੇ ਰਹੇ ਸਨ। ਜਦੋਂ ਰੰਧਾਵਾ ਉੱਤਰ ਪ੍ਰਦੇਸ਼ ਦੇ ਦੌਰੇ 'ਤੇ ਵੀ ਗਏ ਸੀ ਤਾਂ ਯੂਪੀ ਸਰਕਾਰ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਵੀ ਇਲਜ਼ਾਮ ਲਾਇਆ ਸੀ ਕਿ ਰੰਧਾਵਾ ਨੇ ਅੰਸਾਰੀ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਜਿਸ ਉੱਤੇ ਰੰਧਾਵਾ ਨੇ ਪ੍ਰਤੀਕਰਮ ਦਿੰਦਿਆਂ ਇਲਜ਼ਾਮਾਂ ਨੂੰ ਨਕਾਰਿਆ ਸੀ।
ਗੈਂਗਸਟਰ ਅੰਸਾਰੀ ਦਾ ਪੰਜਾਬ ਕੁਨੈਕਸ਼ਨ: ਕਾਬਿਲੇਗੌਰ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ (gangster Mukhtar Ansari) ਦੇ ਪੰਜਾਬ ਨਾਲ ਤਾਰ ਜੁੜੇ ਹੋਏ ਹਨ। ਅੰਸਾਰੀ ਉੱਤੇ ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਸੀ। ਇਸ ਇਲਜ਼ਾਮ ਹੇਠ ਅੰਸਾਰੀ ਨੂੰ ਪੰਜਾਬ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ। ਇਸ ਤੋਂ ਬਾਅਦ 24 ਜਨਵਰੀ 2019 ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਪਿਛਲੇ ਸਾਲ ਅਪ੍ਰੈਲ 'ਚ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਸੀ।
ਇਹ ਵੀ ਪੜੋ: ਕੈਨੇਡਾ ਨੇ ਕੀਤਾ ਵੱਡਾ ਐਲਾਨ, 2025 ਤੱਕ ਪ੍ਰਤੀ ਸਾਲ ਦੇਵੇਗਾ 5,00,000 ਵੀਜ਼ੇ