ਚੰਡੀਗੜ੍ਹ: ਵਿਨੀ ਮਹਾਜਨ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ 'ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਨੀ ਮਹਾਜਨ ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ।
ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਵਿਨੀ ਮਹਾਜਨ ਦੀ ਨਿਯੁਕਤੀ ਉਨ੍ਹਾਂ ਦੀ ਕਾਬਲੀਅਤ ਅਤੇ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਹੈ।
ਇਹ ਵੀ ਪੜੋ: ਸੁਣੋ, ਨਵਜੋਤ ਸਿੱਧੂ ਦੇ ਉੱਪ ਮੁੱਖ ਮੰਤਰੀ ਬਣਨ ਬਾਰੇ ਕੀ ਬੋਲੇ ਕੈਪਟਨ
ਕੈਪਟਨ ਨੇ ਅੱਗੇ ਕਿਹਾ ਕਿ ਵਿਨੀ ਮਹਾਜਨ ਨੂੰ ਸੂਬੇ ਤੇ ਕੇਂਦਰ ਦੇ ਪ੍ਰਸ਼ਾਸਨ ਵਿੱਚ ਵਿਸ਼ਾਲ ਤਜ਼ੁਰਬਾ ਅਤੇ ਮੁਹਾਰਤ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੇ ਪ੍ਰਭਾਵੀ ਅਮਲ ਵਾਸਤੇ ਲੰਮੇ ਸਮੇਂ ਲਈ ਇਸ ਅਹੁਦੇ ਦੀ ਨਿਰੰਤਰਤਾ ਨੂੰ ਕਾਇਮ ਰੱਖਣ ਨੂੰ ਨਿਰੋਲ ਆਧਾਰ ਮੰਨਦੇ ਹੋਏ ਮਹਾਜਨ ਦੀ ਨਿਯੁਕਤੀ ਕੀਤੀ ਗਈ ਹੈ।