ਚੰਡੀਗੜ੍ਹ: ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਸੀਨੀਅਰ ਵਕੀਲ ਅਤੁਲ ਲਖਨਪਾਲ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ। ਇਕ ਵੀਡੀਓ ਸੰਦੇਸ਼ ਰਾਹੀ ਉਨ੍ਹਾਂ ਦੱਸਿਆ ਕਿ ਜਨਹਿਤ ਪਟੀਸ਼ਨ ਵਿੱਚ ਗ੍ਰਹਿ ਮੰਤਰਾਲੇ, ਪੰਜਾਬ ਸਰਕਾਰ, ਡੀਜੀਪੀ ਪੰਜਾਬ, ਐਨਆਈਏ, ਈਡੀ ਨੇ ਜਵਾਬਦੇਹੀ ਬਣਾਇਆ ਹੈ।
ਮੁਹਾਲੀ ਦੇ ਮੋਰਚੇ ਦਾ ਵੀ ਪਟੀਸ਼ਨ ਵਿੱਚ ਜ਼ਿਕਰ : ਉਨ੍ਹਾਂ ਦੱਸਿਆ ਕਿ ਪਟੀਸ਼ਨ ਹਾਈਕੋਰਟ ਤੋਂ ਪੰਜਾਬ ਨੂੰ ਅੱਤਵਾਦ ਦੀ ਅੱਗ 'ਚ ਜਾਣ ਤੋਂ ਬਚਾ ਕੇ ਰੱਖਣ ਦੀ ਮੰਗ ਕਰ ਰਹੀ ਹੈ। ਮੁਹਾਲੀ 'ਚ ਚੱਲ ਰਹੇ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਬੰਧ 'ਚ ਮੋਰਚਾ ਹਟਾਉਣ ਅਤੇ ਬੰਦ ਕੀਤੇ ਰੋਡ ਵੀ ਖੁਲ੍ਹਵਾਉਣ ਦੀ ਇਸ ਪਟੀਸ਼ਨ ਵਿੱਚ ਉਨ੍ਹਾਂ ਵਲੋਂ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਾਂਡਿਲਿਆ ਨੇ ਪਟੀਸ਼ਨ 'ਚ ਦੱਸਿਆ ਹੈ ਕਿ ਅੰਮ੍ਰਿਤਪਾਲ ਖਿਲਾਫ ਨਵੰਬਰ 2022 ਤੋਂ ਸ਼ਿਕਾਇਤਾਂ ਦਿੱਤੀਆਂ ਗਈਆਂ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਪਟੀਸ਼ਨ 'ਚ ਵੀਰੇਸ਼ ਸ਼ਾਂਡਿਲਿਆ ਨੇ ਮੰਗ ਕੀਤੀ ਕਿ ਈਡੀ ਇਸ ਗੱਲ ਦੀ ਜਾਂਚ ਕਰੇ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਫੰਡ ਕੌਣ ਦੇ ਰਿਹਾ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ। ਉਨ੍ਹਾਂ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਅਪ੍ਰੇਸ਼ਨ ਅੰਮ੍ਰਿਤਪਾਲ ਦੀ ਪੰਜਾਬ ਵਿੱਚ ਹਾਈ ਕੋਰਟ ਵੱਲੋਂ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਰੋਜ਼ਾਨਾ ਆਧਾਰ ’ਤੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰਨੀ ਚਾਹੀਦੀ ਹੈ। ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਹਾਈ ਕੋਰਟ ਐਨਆਈਏ ਨੂੰ ਅੰਮ੍ਰਿਤਪਾਲ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ ਦੇਵੇ ਤਾਂ ਜੋ ਕੇਂਦਰੀ ਪੱਧਰ ’ਤੇ ਜਾਂਚ ਹੋ ਸਕੇ। ਇਸ ਤੋਂ ਇਲਾਵਾ ਏਟੀਐਫਆਈ ਦੇ ਮੁਖੀ ਵੀਰੇਸ਼ ਸ਼ਾਂਡਿਲਿਆ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਏਟੀਐਫਆਈ ਦੇ ਮੁਖੀ ਵੀਰੇਸ਼ ਸ਼ਾਂਡਿਲਿਆ ਨੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਜਲਦੀ ਕੀਤੀ ਜਾਵੇਗੀ।
ਇਹ ਵੀ ਯਾਦ ਰਹੇ ਕਿ ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਲੈ ਕੇ ਕਈ ਅਹਿਮ ਖੁਲਾਸੇ ਕੀਤੇ ਹਨ। ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਵਿਚ ਜੋ ਹਾਲਾਤ ਚੱਲ ਰਹੇ ਹਨ ਉਹਨਾਂ ਨੂੰ ਲੈ ਕੇ ਆਈਜੀ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਉਹਨਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਅਮਨ ਕਾਨੂੰਨ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਨਾਲ ਹੀ ਮੀਡੀਆ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਤੱਥ ਚੈਕ ਕਰਕੇ ਖ਼ਬਰਾਂ ਲਗਾਈਆਂ ਜਾਣ। ਆਈਜੀ ਗਿੱਲ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਨਾ ਕੀਤਾ ਜਾਵੇ। ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਖਿਲਾਫ ਹੁਣ ਤੱਕ 6 ਐਫਆਈਆਰ ਦਰਜ ਕੀਤੀਆਂ ਗਈਆਂ ਹਨ। 114 ਲੋਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ।