ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਫਰੀਦਕੋਟ ਦੇ ਘੰਟਾਘਰ ਚੌਕ ਤੋਂ ਡੀ.ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜਿਥੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਕੇਂਦਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਦੇ ਨਾਲ ਹੀ ਕਿਸਾਨੀ ਮਸਲਿਆਂ ਨੂੰ ਲੈਕੇ ਕਾਂਗਰਸ ਦੇ ਰਵੱਈਏ 'ਤੇ ਵੀ ਸਵਾਲ ਖੜੇ ਕੀਤੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਭਾਜਪਾ ਸਰਕਾਰ ਕਾਂਗਰਸ ਨਾਲ ਫਿਕਸ ਮੈਚ ਦੇ ਤਹਿਤ ਕਿਸਾਨ ਵਿਰੋਧੀ ਕਾਨੂੰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਹੀ ਅਕਾਲੀ ਦਲ ਬਸਪਾ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਖੇਤੀ ਕਾਨੂੰਨਾਂ ਦੇ ਨਾਮ 'ਤੇ ਦੋਹਰਾ ਚਿਹਰਾ ਅਪਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨਾਲ ਮਿਲੀ ਪਕਦੇ ਤਹਿਤ ਜਦ ਲੋਕ ਸਭਾ ਅੰਦਰ ਬਿਲ ਪੇਸ਼ ਹੋਏ ਤਾਂ ਕਾਂਗਰਸ ਪਾਰਟੀ ਦੇ ਸਾਰੇ ਹੀ ਮੈਂਬਰ ਵਾਕਆਊਟ ਕਰ ਗਏ। ਉਨ੍ਹਾਂ ਕਿਹਾ ਕਿ ਸਿਰਫ਼ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਇਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾਂਦਾ ਰਹੇਗਾ।
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਖੁਦ ਕੋਈ ਸਟੈਂਡ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਿਸੇ ਸਮੇਂ ਕੁਝ ਵੀ ਬੋਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੇ ਹੰਕਾਰ ਵਜੋਂ ਕਿਸਾਨਾਂ ਨੂੰ ਪਿਆਸੇ ਅਤੇ ਖੁਦ ਨੂੰ ਖੂਹ ਦੱਸਿਆ ਹੈ, ਜਦਕਿ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦੇ ਹਨ।