ਫ਼ਰੀਦਕੋਟ: ਕੋਰੋਨਾ ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਸੂਬੇ 'ਚ ਬੀਜ ਘੁਟਾਲਾ, ਸ਼ਰਾਬ ਮਾਫੀਆ, ਨੀਲੇ ਕਾਰਡ ਕੱਟੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਡੀਸੀ ਦਫ਼ਤਰ ਬਾਹਰ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡੀ.ਸੀ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਦਾ ਮੰਗ ਪੱਤਰ ਵੀ ਦਿੱਤਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਸੂਬੇ ਦੀ ਵਿੱਤੀ ਸਥਿਤੀ ਡਾਵਾਂਡੋਲ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਸੂਬਾ ਸਰਕਾਰ ਆਮ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਮਰਥ ਜਾਪ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਕੋਈ ਰਿਆਇਤ ਨਹੀਂ ਦਿੱਤੀ ਸਗੋਂ ਸ਼ਰਾਬ ਮਾਫੀਆਂ ਮਾਈਨਿੰਗ ਮਾਫੀਆਂ ਨੂੰ ਰਿਆਇਤ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੀ ਸਥਿਤੀ 'ਚ ਜਿੱਥੇ ਸੂਬਾ ਸਰਕਾਰ ਨੂੰ ਲੋੜਵੰਦਾਂ ਨੂੰ ਵੱਧ ਰਸਦ ਦੇਣੀ ਚਾਹੀਦੀ ਹੈ ਉਥੇ ਹੀ ਸਰਕਾਰ ਦੇ ਨੁਮਾਇੰਦੇ ਵੱਡੀ ਗਿਣਤੀ 'ਚ ਲੋੜਵੰਦਾਂ ਦੇ ਨੀਲੇ ਕਾਰਡ ਕੱਟ ਰਹੇ ਹਨ, ਜੋ ਕਿ ਬਹੁਤ ਨਿੰਦਣਯੋਗ ਹੈ।
ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ 'ਚ ਲੱਗੇ ਲੌਕਡਾਊਨ 'ਚ ਕੇਂਦਰ ਸਰਕਾਰ ਨੇ ਗ਼ਰੀਬ ਲੋਕਾਂ ਲਈ ਰਾਸ਼ਨ ਭੇਜਿਆ ਸੀ ਉਹ ਰਾਸ਼ਨ ਵੀ ਉਨ੍ਹਾਂ ਲੋਕਾਂ ਨੂੰ ਨਹੀਂ ਮਿਲਿਆ। ਉਸ ਰਾਸ਼ਨ ਨੂੰ ਸਰਕਾਰ ਆਪਣੇ ਚਹੇਤਿਆਂ ਨੂੰ ਮੁਹੱਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨਾਲ ਹੋਏ ਬੀਜ ਘੁਟਾਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਦੇ ਸੰਦਰਭ 'ਚ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ ਤੇ ਡੀਸੀ ਨੂੰ ਮੰਗ ਪੱਤਰ ਦਿੱਤਾ ਹੈ।
ਇਹ ਵੀ ਪੜ੍ਹੋ:ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ