ਫਰੀਦਕੋਟ: ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਸਿਆਸੀ ਆਗੂਆਂ ਦਾ ਸਾਥ ਮਿਲਣ ਲੱਗ ਪਿਆ ਹੈ। ਫਰੀਦਕੋਟ 'ਚ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਦੇ ਵਿੱਚ ਲਿਆਉਣ ਦੇ ਲਈ ਉਹ ਰਾਜਪਾਲ ਵੀਪੀ ਬਦਨੌਰ ਸਿੰਘ ਤੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ ਕਰਨਗੇ ਤੇ ਨਾਲ ਹੀ ਇਸ ਮਸਲੇ ਤੇ ਸਪੈਸ਼ਲ ਸੈਸ਼ਨ ਬੁਲਾਉਣ ਦੀ ਵੀ ਮੰਗ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸੇ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਵੀ ਹੋ ਗਈ ਸੀ ਪਰ ਫਿਰ ਵੀ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੀਆਂ ਹੋਈਆਂ ਹਨ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਤੇ ਪਰਾਲੀ ਸਾੜਨ ਨੂੰ ਲੈ ਕੇ ਦਰਜ ਹੋਏ ਪਰਚ ਰੱਦ ਕੀਤੇ ਜਾਣ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ, ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਹੋਵੇ ਆਦਿ।