ਫ਼ਰੀਦਕੋਟ : ਜਿਲ੍ਹੇ ਦੇ ਪਿੰਡ ਟਹਿਣਾ ਦੇ ਲੋਕ ਇੰਨ੍ਹੀ ਦਿਨੀਂ ਡਾਢੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਗਊ ਸੈਸ ਲੈ ਕੇ ਵੀ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਹੀਂ ਕਰ ਰਹੀ ਜਿਸ ਕਾਰਨ ਉਹਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਉਜਾੜਾ ਹੋ ਰਿਹਾ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿਚੋਂ ਨੈਸ਼ਨਲ ਹਾਈਵੇ-54 ਲੰਘਦਾ ਹੈ ਜਿਥੇ ਅਵਾਰਾ ਪਸ਼ੂਆਂ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਿਆ ਰਹਿੰਦਾ।
ਪਿੰਡ ਵਿੱਚ ਇੰਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ।ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂ ਉਹਨਾਂ ਦੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ ਜਿਸ ਕਾਰਨ ਉਹਨਾਂ ਨੂੰ ਬਹੁਤ ਪ੍ਰੇਸ਼ਾਨੀ ਆ ਰਹੀ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਜੇ ਸਰਕਾਰ ਗਊ ਸੈਸ ਲੈ ਰਹੀ ਹੈ ਤਾਂ ਇੰਨ੍ਹਾਂ ਅਵਾਰਾ ਪਸ਼ੂਆਂ ਤੋਂ ਵੀ ਲੋਕਾਂ ਨੂੰ ਨਿਜਾਤ ਦੁਆਈ ਜਾਵੇ।
ਇਸ ਸੰਬੰਧੀ ਜਦ ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਫ਼ਰੀਦਕੋਟ ਦੇ ਗੋਲੇਵਾਲਾ ਵਿਖੇ ਸਰਕਾਰੀ ਗਊਸ਼ਾਲਾ ਬਣਾਈ ਗਈ ਹੈ ਜਿਥੇ ਸਮੇਂ-ਸਮੇਂ ਤੇ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇ ਫ਼ਿਰ ਵੀ ਸਮੱਸਿਆ ਆ ਰਹੀ ਹੈ ਤਾਂ ਜਲਦ ਹੀ ਇਸ ਦਾ ਹੱਲ ਕੀਤਾ ਜਾਵੇਗਾ।