ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਕੋਟਕਪੂਰਾ ਵਿੱਚ ਹੋਏ ਗੋਲੀਕਾਂਡ ਮਾਮਲੇ ਨਾਲ ਸੰਬੰਧਿਤ 2 ਵੱਖ-ਵੱਖ ਮਾਮਲਿਆ ਵਿਚ ਨਾਮਜਦ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਉਨ੍ਹਾਂ ਤੋਂ ਇਲਾਵਾ ਤੱਤਕਾਲੀ ਸਾਬਕਾ ਡੀਆਈਜੀ ਅਮਰ ਸਿੰਘ ਚਹਿਲ ਅਤੇ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾਂ ਵੀ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਜ਼ਿਕਰਯੋਗ ਹੈ ਕਿ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਵਿਚ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਸੀ ਅਤੇ ਗੋਲੀਕਾਂਡ ਵਾਪਰਿਆ ਸੀ।
ਕਾਂਗਰਸ ਤੇ ਆਪ ਵਿਚਾਲੇ ਹੋਇਆ ਸਮਝੌਤਾ : ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਾਰਲੀਮੈਂਟ ਚੋਣਾਂ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ ਸਮਝੌਤਾ ਹੋ ਗਿਆ ਹੈ। ਇਸੇ ਲਈ ਹੁਣ ਪੰਜਾਬ ਦੇ ਕਿਸਾਨਾਂ ਦੇ ਉਲਟ ਫੈਸਲੇ ਆਉਣੇ ਸ਼ੁਰੂ ਹੋ ਗਏ ਹਨ। ਉਹਨਾਂ ਕਿਹਾ ਕਿ ਜੋ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਦੀ ਕਮੇਟੀ ਵਿੱਚ ਸਿਰਫ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ, ਉਸਨੇ ਸਰਕਾਰ ਨੂੰ ਸ਼ਿਫਾਰਸ ਕੀਤੀ ਹੈ ਕਿ ਪੰਜਾਬ ਅੰਦਰ ਕਿਸਾਨਾਂ ਨੂੰ ਸਿੰਚਾਈ ਲਈ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨਾਂ ਉੱਤੇ ਦਿੱਤੀ ਜਾਂਦੀ ਸਬਸਿਡੀ ਬੰਦ ਕੀਤੀ ਜਾਵੇ।
ਦਿੱਲੀ ਦੇ ਨਿਰਦੇਸ਼ਾਂ ਉੱਤੇ ਕੰਮ ਕਰ ਰਹੀ ਸਰਕਾਰ : ਉਹਨਾਂ ਕਿਹਾ ਕਿ ਇਹ ਕਿਸਾਨਾਂ ਖਿਲਾਫ ਵੱਡਾ ਫੈਸਲਾ ਹੈ ਅਤੇ ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕ ਪੰਜਾਬ ਅੰਦਰ ਟਿਊਬਵੈੱਲਾਂ ਦੇ ਬਿਜਲੀ ਕੁਨੈਕਸ਼ਨਾਂ ਉੱਤੇ ਮਿਲਣ ਵਾਲੀ ਸਬਸਿਡੀ ਖਤਮ ਕਰਨ ਦੀ ਸ਼ਿਫਾਰਸ ਕਰ ਰਹੇ ਹਨ, ਦੂਜੇ ਪਾਸੇ ਸਰਹਿੰਦ ਫੀਡਰ ਨਹਿਰ ਉੱਤੇ ਲੱਗੇ ਆਰਜੀ ਲਿਫਟ ਪੰਪਾਂ ਨੂੰ ਬੰਦ ਕਰਨ ਦੀ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਹੁਣ ਕਾਂਗਰਸ ਅਤੇ ਆਪ ਆਪਸ ਵਿੱਚ ਰਲ ਗਏ ਹਨ ਅਤੇ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਜੋ ਨਿਰਦੇਸ਼ ਮਿਲਦੇ ਹਨ ਉਸੇ ਮੁਤਾਬਿਕ ਕੰਮ ਕਰ ਰਹੀ।
ਉਹਨਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਰਲ ਗਈਆ ਹਨ ਅਤੇ ਹੁਣ ਪੰਜਾਬ ਦਾ ਘਾਣ ਕਰਨਗੇ। ਉਹਨਾਂ ਨਸ਼ਿਆ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਇਕ ਪਾਸੇ ਵੱਡੇ ਵੱਡੇ ਇਸ਼ਤਿਹਾਰ ਦੇ ਕੇ ਕਹਿ ਰਹੀ ਹੈ ਕਿ ਸਰਕਾਰ ਵੱਲੋਂ ਪੰਜਾਬ ਅੰਦਰ ਨਸ਼ੇ ਬੰਦ ਕਰ ਦਿੱਤੇ ਗਏ ਹਨ ਪਰ ਪੰਜਾਬ ਅੰਦਰ ਨਸ਼ੇ ਬੰਦ ਨਹੀਂ ਹੋਏ ਸਗੋਂ ਨਸ਼ਿਆ ਦਾ ਕਾਰੋਬਾਰ ਹੋਰ ਵਧਿਆ ਹੈ। ਆਏ ਦਿਨ ਨਸ਼ਿਆਂ ਨਾਲ ਮੌਤਾਂ ਹੋਣ ਦੀਆਂ ਖਬਰਾਂ ਮੀਡੀਆ ਦੀਆਂ ਸੁਰਖੀਆਂ ਬਣ ਰਹੀਆ ਹਨ।