ਫਰੀਦਕੋਟ : ਛੇਵੇਂ ਪੇਅ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜਿੱਥੇ ਪੰਜਾਬ ਭਰ ਦੇ ਸਰਕਾਰੀ ਕੰਮ 'ਚ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਹਨ। ਉਥੇ ਹੀ ਹੁਣ ਸਿਵਲ ਹਸਪਤਾਲਾਂ ਅਧੀਨ ਪਿੰਡਾਂ ਵਿੱਚ ਮੁੱਢਲੀਆਂ ਸਿਹਤ ਸਕੀਮਾਂ ਪਹੁੰਚਾਉਣ ਵਾਲੀਆਂ ਆਸ਼ਾ ਵਰਕਰਾਂ ਨੇ ਵੀ ਸਰਕਾਰ ਖਿਲਾਫ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ।
ਬੀਤੇ ਦੋ ਦਿਨਾਂ ਤੋਂ ਕਲਮਛੋੜ ਹੜਤਾਲ ਤੇ ਬੈਠੀਆਂ ਆਸ਼ਾ ਵਰਕਰਾਂ ਨੇ ਅੱਜ ਸਿਰਾਂ 'ਤੇ ਕਾਲੀਆਂ ਚੁੰਨੀਆਂ ਲੈ ਕੇ ਜਿੱਥੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਉੱਥੇ ਹੀ ਹਰਿਆਣਾ ਪੈਟਰਨ ਤੇ ਮਾਣਭੱਤਾ 18000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਰਕਾਰ ਨੇ ਨਾ ਮੰਨੀਆਂ ਅਤੇ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਲਦ ਲਾਗੂ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਆਸ਼ਾ ਵਰਕਰ ਆਗੂ ਪਰਮਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਜਾਨ ਤਲੀ ਤੇ ਧਰ ਕੇ ਘਰ ਘਰ ਜਾ ਕੇ ਕੋਰੋਨਾ ਮਰੀਜ਼ਾਂ ਦੀ ਭਾਲ ਕੀਤੀ ਗਈ ਅਤੇ ਕੋਰੋਨਾ ਪੌਜ਼ਟਿਵ ਆਉਣ ਵਾਲੇ ਮਰੀਜ਼ਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜਿਸ ਦੇ ਕਾਰਨ ਉਨ੍ਹਾਂ ਵੱਲੋਂ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਹਰਿਆਣਾ ਪੈਟਰਨ ਦੇ ਆਧਾਰ 'ਤੇ ਸਾਨੂੰ ਘੱਟੋ ਘੱਟ 18000 ਰੁਪਏ ਮਹੀਨਾ ਮਾਣ ਭੱਤਾ ਦੇਵੇ।
ਇਹ ਵੀ ਪੜ੍ਹੋ:ਅਣਪਛਾਤੇ ਲੁਟੇਰਿਆਂ ਨੇ ਵਡਾਲਾ ਦੇ ਸਰਪੰਚ ਨੂੰ ਮਾਰੀ ਗੋਲੀ
ਉਨ੍ਹਾਂ ਕਿਹਾ ਕਿ ਇਸ ਵਕਤ ਸਰਕਾਰ ਉਨ੍ਹਾਂ ਨੂੰ ਸਿਰਫ 2500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇ ਰਹੀ ਹੈ ਜੋ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਅਤੇ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਲਦ ਜਾਰੀ ਨਾ ਕੀਤਾ ਤਾਂ ਉਹਨਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਸਰਕਾਰ ਦਾ ਹਰ ਫਰੰਟ 'ਤੇ ਵਿਰੋਧ ਕੀਤਾ ਜਾਵੇਗਾ।