ਫ਼ਰੀਦਕੋਟ: ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਗੁਰਦੁਆਰਾ ਸਾਹਿਬ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਚੋਰੀ ਹੋਣ ਦਾ ਮਾਮਲਾ ਅਇਆ ਸੀ। ਪੁਲਿਸ ਦੀ ਐਸਆਈਟੀ ਟੀਮ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਚੋਰੀ ਹੋਣ ਦੇ ਮਾਮਲੇ 'ਚ ਐਸਆਈਟੀ ਟੀਮ ਨੇ ਕੋਟਕਪੂਰਾ ਦੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਚੋਂ ਦੋ ਨੂੰ ਜ਼ਮਾਨਤ ਮਿਲ ਚੁੱਕੀ ਹੈ। ਅੱਜ ਐਸਆਈਟੀ ਟੀਮ ਗ੍ਰਿਫ਼ਤਾਰ ਕੀਤੇ ਗਏ 5 ਡੇਰਾ ਪ੍ਰੇਮੀਆਂ ਨੂੰ ਲੈ ਕੇ ਘਟਨਾ ਵਾਲੀ ਥਾਂ 'ਤੇ ਲੈ ਕੇ ਪਹੁੰਚੀ। ਐਸਆਈਟੀ ਵੱਲੋਂ ਮੁੜ ਤੋਂ ਇੱਥੇ ਤਫਤੀਸ਼ ਕੀਤੀ ਗਈ। ਇਸ ਮੌਕੇ ਐਸਆਈਟੀ ਮੁਖੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਕਥਿਤ ਮੁਲਜ਼ਮਾਂ ਕੋਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ ਦੀ ਵਾਰਦਾਤ ਦੀ ਨਿਸ਼ਾਨਦੇਹੀ ਕਰਵਾਈ ਗਈ।
ਕੀ ਹੈ ਮਾਮਲਾ
ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ 1 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕੀਤੇ ਗਏ ਸਨ। ਇਸ ਮਾਮਲੇ 'ਚ ਬੇਅਦਬਦੀ ਕਰਾਰ ਦਿੰਦੇ ਹੋਏ ਐਸਆਈਟੀ ਟੀਮ ਨੇ 7 ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕਰ ਕਾਰਵਾਈ ਸ਼ੁਰੂ ਕੀਤੀ। ਇਸ ਮਾਮਲੇ 'ਚ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਚੋਂ ਫ਼ਰੀਦਕੋਟ ਅਦਾਲਤ ਨੇ 5 ਲੋਕਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ, ਜਦਕਿ 2 ਨੂੰ ਪਹਿਲਾਂ ਤੋਂ ਹੀ ਅਗਾਉਂ ਜ਼ਮਾਨਤ ਹੋਣ ਦੇ ਚਲਦੇ ਰਿਹਾਅ ਕਰ ਦਿੱਤਾ ਗਿਆ। ਇਨ੍ਹਾਂ ਮੁਲਜ਼ਮਾਂ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਚੋਰੀ ਕਰਨ, ਪੋਸਟਰ ਲਾਉਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਕਰਨ ਦੇ ਦੋਸ਼ ਹਨ।