ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਵਿੱਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਐੱਸਆਈਟੀ ਨੂੰ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਂਝੀ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਵੱਲੋਂ ਫ਼ਰੀਦਕੋਟ ਸਥਿਤ ਦਫ਼ਤਰ ਵਿੱਚ ਆਪਣੇ ਬਿਆਨ ਦਰਜ ਕਰਵਾਏ ਗਏ।
ਇਸ ਦੌਰਾਨ ਹਰਜਿੰਦਰ ਸਿੰਘ ਮਾਂਝੀ ਨੇ ਦੱਸਿਆ ਕਿ ਉਹ ਅੱਜ ਬਹਿਬਲਕਲਾਂ ਗੋਲੀਕਾਂਡ ਦੇ ਸਬੰਧ ਵਿੱਚ ਆਪਣੇ ਬਿਆਨ ਦਰਜ ਕਰਵਾਉਣ ਆਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਸਮੇਂ-ਸਮੇਂ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਕਈ ਜਾਂਚ ਕਮੀਸ਼ਨ ਅਤੇ ਜਾਂਚ ਟੀਮਾਂ ਵੀ ਗਠਤ ਕੀਤੀਆਂ ਗਈਆਂ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੱਤਾ ਵਿੱਚ ਆਈ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਸ ਮੁੱਦੇ ਦਾ ਸਹਾਰਾ ਲੈ ਕੇ ਉਸ ਦਾ ਫਾਇਦਾ ਚੁੱਕਿਆ ਪਰ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਧਿਆਨ ਇਨ੍ਹਾਂ ਮੁੱਦਿਆਂ ਵੱਲ ਲਿਆਉਣ ਲਈ ਹੀ ਇੱਕ ਹਲੂਣਾ ਨਾਂਅ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਕਾਂਗਰਸੀ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕਰ ਉਨ੍ਹਾਂ ਵਲੋਂ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ।
ਇਸ ਦੇ ਤਹਿਤ ਦਰਬਾਰ-ਏ-ਖਾਲਸਾ ਅਤੇ ਅਲਾਇੰਸ ਸਿੱਖ ਆਰਗਨਾਇਜੇਸ਼ਨ ਦੁਆਰਾ 22 ਮਾਰਚ ਨੂੰ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦੇ ਅੱਗੇ ਇਕੱਠੇ ਹੋ ਕੇ ਪਹਿਲਾਂ ਸ਼ਬਦ ਗਾਇਨ ਕੀਤਾ ਜਾਵੇਗਾ ਅਤੇ ਫਿਰ ਉਨ੍ਹਾਂ ਦੇ ਵੱਲੋਂ ਕੀਤੇ ਵਾਦਿਆਂ ਬਾਰੇ ਵਿੱਚ ਪੁੱਛਿਆ ਜਾਵੇਗਾ।