ਫ਼ਰੀਦਕੋਟ: ਬਹਿਬਲਕਲਾਂ ਗੋਲੀਕਾਂਡ ਦੇ ਮੁਖ ਮੁਲਜ਼ਮਾਂ 'ਚੋਂ ਇੱਕ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਨ ਦੀ ਆਗਿਆ ਮਿਲ ਗਈ ਹੈ। ਜ਼ਿਲ੍ਹਾ ਅਦਾਲਤ ਫ਼ਰੀਦਕੋਟ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਦਾ ਮੁਆਫ ਗਵਾਹ ਬਣਨ ਦੀ ਇਜਾਜ਼ਤ ਦਿੱਤੀ ਹੈ।
ਇਸ ਮਾਮਲੇ ਦੀ ਸੁਣਵਾਈ ਦੇ ਦੌਰਾਨ ਫੈਸਲਾ ਕਰਨ ਲਈ ਫ਼ਰੀਦਕੋਟ ਅਦਾਲਤ ਦੇ ਆਦੇਸ਼ਾਂ 'ਤੇ ਵਿਸ਼ੇਸ਼ ਜਾਂਚ ਟੀਮ ਦੇ ਮੁਖ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਮੌਕੇ 'ਤੇ ਮੌਜੂਦ ਰਹੇ। ਸੁਣਵਾਈ ਮਗਰੋਂ ਮੈਜਿਸਟ੍ਰੇਟ ਚੇਤਨ ਸ਼ਰਮਾ ਨੇ ਸਰਕਾਰੀ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਵੱਲੋਂ ਬਹਿਬਲਕਲਾਂ ਗੋਲੀਕਾਂਡ ਦੀ ਸੱਚਾਈ ਦਾ ਬਿਆਨ ਸੁਣਿਆ। ਮੈਜਿਸਟ੍ਰੇਟ ਵੱਲੋਂ ਪ੍ਰਦੀਪ ਸਿੰਘ ਦੇ ਬਿਆਨ ਦੀ ਇੱਕ ਕਾਪੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਵੀ ਸੌਂਪੀ ਗਈ ਹੈ। ਇਸ ਦੌਰਾਨ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਪ੍ਰਦੀਪ ਦੇ ਬਿਆਨ ਦੀ ਨਕਲ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਉਨ੍ਹਾਂ ਪ੍ਰਦੀਪ ਸਿੰਘ ਦੇ ਗਵਾਹ ਬਣਨ ਦਾ ਵੀ ਵਿਰੋਧ ਕੀਤਾ।
ਇਸ ਤੋਂ ਪਹਿਲਾਂ ਵਿਰੋਧੀ ਪੱਖ ਵੱਲੋਂ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਾਅਦਾ ਮੁਆਫ ਗਵਾਹ ਬਣਨ ਦਾ ਵਿਰੋਧ ਕੀਤਾ ਗਿਆ ਸੀ। ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਮਗਰੋਂ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਸਸਪੈਂਡ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।