ਫ਼ਰੀਦਕੋਟ:ਲੰਘੇ ਦਿਨੀਂ ਬਾਘਾ ਪੁਰਾਣਾ ਵਿੱਚ ਕਿਸਾਨ ਮਹਾਂ ਸੰਮੇਲਨ ਦੇ ਰੂਪ ਵਿੱਚ ਆਪ ਵੱਲੋਂ ਕੀਤੀ ਗਈ ਸਿਆਸੀ ਰੈਲੀ ਤੋਂ ਬਾਅਦ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰ ਕੇਂਦਰੀ ਖੇਤੀ ਕਾਨੂੰਨਾਂ ਉੱਤੇ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।
ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਦੂਜਾ ਅੰਗ ਹੈ। ਅਰਵਿੰਦ ਕੇਜਰੀਵਾਲ ਅਤੇ ਨਰਿੰਦਰ ਮੋਦੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਿੱਥੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਿਸਾਨ ਸੰਮੇਲਨ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦੀ ਕਮੇਟੀ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਸਭ ਤੋਂ ਮਾਰੂ ਬਿੱਲ ਜ਼ਰੂਰੀ ਵਸਤਾਂ ਸੋਧ ਨੂੰ ਜਲਦ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ, ਜਦਕਿ ਇਹ ਕਾਨੂੰਨ ਕਿਸਾਨਾਂ ਲਈ ਸਭ ਤੋਂ ਮਾਰੂ ਹੈ।
ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਪ ਦੇ ਆਗੂਆਂ ਉੱਤੇ ਕਾਰਪੋਰੇਟ ਘਰਾਣਿਆਂ ਤੋਂ ਕਥਿਤ ਮੋਟੀਆਂ ਰਕਮਾਂ ਵਸੂਲਣ ਦੇ ਇਲਜ਼ਾਮ ਲਗਾਉਂਦਿਆਂ ਜਾਂਚ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦਰ ਕੇਜਰੀਵਾਲ ਨੂੰ ਭਗਵੰਤ ਨੂੰ ਆਪਣੀ ਪਾਰਟੀ ਚੋਂ ਬਰਖਾਸਤ ਕਰਨ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬੀ ਹੋ ਕੇ ਪੰਜਾਬ ਦੇ ਲੋਕਾਂ ਦੇ ਪਿੱਠ ਵਿੱਚ ਛੂਰਾ ਮਾਰਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ 'ਤੇ ਵਾਰ ਕਰਦੇ ਹੋਏ ਕਿਹਾ ਕਿ ਕੈਪਟਨ ਸੱਤਾ ਵਿੱਚ ਆਉਂਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਜਿਸ ਵਿੱਚੋਂ ਅਜੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ।