ਫ਼ਰੀਦਕੋਟ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਧਰਨਾ ਲਗਾਇਆ ਗਿਆ। ਕਿਸਾਨਾਂ ਨੇ ਮਿੰਨੀ ਸਕੱਤਰੇਤ ਵਿਸ਼ਾਲ ਧਰਨਾ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਭਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਲਗਾਏ ਜਾ ਰਹੇ ਹਨ ਜਿਸ ਤਹਿਤ ਫਰੀਦਕੋਟ ਵਿਖੇ 7ਵਾਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿਚ ਅੱਜ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਆਗੂ ਤੇ ਵਰਕਰ ਪਹੁੰਚੇ ਹਨ।
ਜਾਣਕਾਰੀ ਸਾਂਝੀ ਕਰਦਿਆਂ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਹਨ ਜਿਨ੍ਹਾਂ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ, ਪੰਜਾਬ ਦੇ ਪਾਣੀਆਂ ਦੀ ਲੁੱਟ ਰੋਕਣ ਅਤੇ ਪੰਜਾਬ ਅੰਦਰ ਬਾਕੀ ਸੂਬਿਆਂ ਨਾਲੋਂ ਕਈ ਗੁਣਾ ਵੱਧ ਬਿਜਲੀ ਦੇ ਰੇਟਾਂ ਬਾਰੇ ਹਨ । ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੋਣਾ ਚਾਹੀਦਾ ਹੈ ਨਾਲ ਹੀ ਉਹਨਾਂ ਪੰਜਾਬ ਦੇ ਪਾਣੀ ਪੰਜਾਬ ਨੂੰ ਦਿੱਤੇ ਜਾਣ ਅਤੇ ਰਾਜਸਥਾਨ ਨੂੰ ਜਾਂਦਾ ਪਾਣੀ ਬੰਦ ਕਰਨ ਦੇ ਨਾਲ ਨਾਲ ਉਸ ਦੀ ਬਣਦੀ ਕੀਮਤ ਵਸੂਲਣ ਦੀ ਗੱਲ ਆਖੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਜੈਣ ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- PGI ਦੇ 4 ਹਜ਼ਾਰ ਮੁਲਾਜ਼ਮਾਂ ਵਲੋਂ ਹੜ੍ਹਤਾਲ, ਸਮਾਨ ਵੇਤਨ ਸਮਾਨ ਕੰਮ ਦੀ ਮੰਗ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕਿਸਾਨਾਂ ਦੀ ਪਾਣੀ ਅਤੇ ਬਿਜਲੀ ਨੂੰ ਲੈ ਕੇ ਸਮੱਸਿਆ ਬਣੀ ਹੀ ਰਹਿੰਦੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਨ੍ਹਾਂ ਦੀਆਂ ਮੰਗਾਂ ਕਦੋਂ ਪੂਰੀਆਂ ਕਰਦਾ ਹੈ।