ਫ਼ਰੀਦਕੋਟ: ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਕੇਂਦਰ ਵੱਲੋਂ ਪੰਜਾਬ ਦੇ ਲੋਕਾਂ ਲਈ ਭੇਜੀ ਗਈ ਰਸਦ ਨੂੰ ਲੋਕਾਂ ਵਿੱਚ ਨਾ ਵੰਡਣ ਦਾ ਦੋਸ਼ ਲਗਾਉਂਦਿਆਂ ਪੰਜਾਬ ਭਾਜਪਾ ਨੇ ਮੰਗਲਵਾਰ ਨੂੰ ਸੂਬੇ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਇੱਕ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਦਿਆਲ ਸਿੰਘ ਸੋਢੀ ਨੇ ਸੂਬਾ ਸਰਕਾਰ 'ਤੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਨੇ ਕੇਂਦਰ ਵੱਲੋਂ 1 ਕਰੋੜ 42 ਲੱਖ ਲੋਕਾਂ ਲਈ ਭੇਜੇ ਗਏ ਰਾਸ਼ਨ ਦਾ 10 ਫ਼ੀਸਦੀ ਵੀ ਲੋਕਾਂ ਤੱਕ ਨਹੀਂ ਪਹੁੰਚਾਇਆ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸੂਬਾ ਸਰਕਾਰ ਦੀ ਇਸ ਨਾਕਾਮੀ ਦਾ ਸਖ਼ਤ ਵਿਰੋਧ ਜਤਾਇਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਲੋੜਵੰਦਾਂ ਦੇ ਨੀਲੇ ਕਾਰਡ ਕੱਟ ਕੇ ਸਿਰਫ਼ ਵਿਧਾਇਕਾਂ ਦੀ ਸਿਫਾਰਿਸ਼ ਵਾਲਿਆਂ ਨੂੰ ਅਨਾਜ ਤੇ ਦਾਲ਼ਾਂ ਵੰਡੀਆਂ ਜਾ ਰਹੀਆਂ ਹਨ।
ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਲਈ ਰਸਦ ਭੇਜੀ ਸੀ ਕਿ ਦੇਸ਼ ਦਾ ਕੋਈ ਨਾਗਰਿਕ ਲੌਕਡਾਊਨ ਦੌਰਾਨ ਭੁੱਖਾ ਨਾ ਰਹੇ ਪਰ ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਵਿੱਚ ਅਸਫ਼ਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਹਰ ਪੱਖੋਂ ਫ਼ੇਲ ਹੋ ਗਈ ਹੈ।