ਫ਼ਰੀਦਕੋਟ: ਭਾਰਤੀ ਜਨਤਾ ਪਾਰਟੀ ਦੇ ਐੱਸਸੀ ਵਿੰਗ ਵੱਲੋਂ ਸੀਏਏ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਵਾਉਣ ਲਈ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਰੋਸ ਮਾਰਚ ਦੀ ਅਗਵਾਈ ਭਾਜਪਾ ਐੱਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਗਿੱਲ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ CAA ਕਾਨੂੰਨ ਲਾਗੂ ਨਾ ਕਰਨ, ਵਿਕਾਸ ਕਾਰਜ ਠੱਪ ਕਰਨ ਤੇ ਆਏ ਦਿਨ ਬਿਜਲੀ ਦੇ ਬਿਲਾਂ ਵਿੱਚ ਵਾਧਾ ਕਰਨ ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਸਾਰੇ ਵਾਦਿਆਂ ਤੋਂ ਭੱਜ ਰਹੀ ਹੈ ਅਤੇ ਲੋਕਾਂ 'ਤੇ ਮਹਿੰਗਾਈ ਦੀ ਮਾਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਾਗਰਿਕਤਾ ਸੋਧ ਬਿਲ ਪੰਜਾਬ ਸਰਕਾਰ ਪੰਜਾਬ ਵਿੱਚ ਲਾਗੂ ਨਹੀਂ ਕਰ ਰਹੀ, ਜਿਸ ਦਾ ਭਾਜਪਾ ਵਿਰੋਧ ਕਰਦੀ ਹੈ।
ਉਨ੍ਹਾਂ ਕਿਹਾ ਕਿ ਬੀਜੇਪੀ ਹਰ ਹਾਲਤ ਵਿੱਚ ਪੰਜਾਬ ਵਿੱਚ ਨਾਗਰਿਕਤਾ ਸੋਧ ਬਿਲ ਲਾਗੂ ਕਰਵਾ ਕੇ ਰਹੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਅਤੇ ਭਾਜਪਾ ਯੁਵਾ ਮੋਰਚਾ ਦੇ ਜਿਲ੍ਹਾ ਪ੍ਰਧਾਨ ਗੌਰਵ ਕੱਕੜ ਵੀ ਉਨ੍ਹਾਂ ਨਾਲ ਮੌਜੂਦ ਸਨ।