ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਕੀਤੀ ਮੰਗ - ਸਾਧੂ ਸਿੰਘ ਧਰਮਸੋਤ
ਫ਼ਰੀਦਕੋਟ ਵਿੱਚ ਭਾਜਪਾ ਯੂਵਾ ਮੋਰਚਾ ਵੱਲੋਂ ਦਲਿਤ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਫ਼ਰੀਦਕੋਟ: ਜ਼ਿਲ੍ਹੇ ਵਿੱਚ ਭਾਜਪਾ ਤੇ ਭਾਜਪਾ ਯੂਵਾ ਮੋਰਚਾ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਦੇ ਇੱਕ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਪੋਸਟ ਗ੍ਰੈਜੁਏਟ ਸਕਾਲਰਸ਼ਿਪ ਸਕੀਮ ਵਿੱਚ ਕਰੋੜਾਂ ਰੁਪਏ ਦੇ ਘੋਟਾਲੇ ਨੂੰ ਲੈ ਕੇ ਭਾਜਪਾ ਵੱਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ।
ਕਰੀਬ 3 ਸਾਲ ਤੋਂ ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਪੋਸਟ ਗ੍ਰੈਜੂਏਟ ਸਕਾਲਰਸ਼ਿਪ ਸਕੀਮ ਵਿੱਚ ਘੋਟਾਲੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਛਾਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਪਿਛਲੇ ਲੰਬੇ ਸਮੇਂ ਤੋਂ ਦਲਿਤ ਲੋਕਾਂ ਦੀਆਂ ਵੋਟਾਂ ਨੂੰ ਲੈ ਕੇ ਦੇਸ਼ 'ਤੇ ਰਾਜ ਕਰਦੀ ਆਈ ਹੈ। ਹੁਣ ਇਹ ਸਰਕਾਰ ਗ਼ਰੀਬਾਂ ਨਾਲ ਹੀ ਖਿਲਵਾੜ ਕਰਨ 'ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਗ਼ਰੀਬਾਂ ਦੀ ਸਕਾਲਰਸ਼ਿਪ ਸਕੀਮ ਹੜੱਪ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਕਰੀਬ 64 ਕਰੋੜ ਰੁਪਏ ਦਾ ਪੋਸਟ ਗ੍ਰੈਜੂਏਟ ਸਕਾਲਰਸ਼ਿਪ ਸਕੀਮ ਵਿੱਚ ਘਪਲਾ ਕੀਤਾ ਹੈ ਅਤੇ ਦਲਿਤ ਵਿਦਿਆਰਥੀਆਂ ਨੂੰ ਇਸ ਸਕੀਮ ਤੋਂ ਵਾਂਝੇ ਰੱਖਿਆ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ।
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਗ਼ਰੀਬ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਵਿੱਚ ਵੀ ਘੋਟਾਲਾ ਕਰਨ ਲੱਗੀ ਹੈ। ਇਸ ਦੇ ਨਾਲ ਹਾਲ ਹੀ ਵਿੱਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰੋੜਾਂ ਦਾ ਘਪਲਾ ਕੀਤਾ ਹੈ ਜਿਸ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਕੈਪਟਨ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ।