ਫ਼ਰੀਦਕੋਟ: ਪੰਜਾਬ ਅੰਦਰ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਨੂੰ ਲੈ ਕੇ ਭਾਜਪਾ ਦੇ ਯੂਵਾ ਮੋਰਚੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਬੀਜੇਪੀ ਦੇ ਯੂਵਾ ਮੋਰਚੇ ਵੱਲੋਂ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਿੱਥੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਬਾਰੇ ਉਨ੍ਹਾਂ ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਉੱਥੇ ਹੀ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਵੀ ਮੰਗ ਰੱਖੀ ।
ਬੀਜੇਪੀ ਯੂਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਨੂੰ ਚਾਰ ਹਫ਼ਤਿਆਂ ਵਿੱਚ ਖ਼ਤਮ ਕਰਨ ਦੀ ਸਹੁੰ ਖਾ ਕੇ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਨੇ ਸੂਬੇ ਅੰਦਰ ਨਸ਼ਾ ਤਾਂ ਕੀ ਖ਼ਤਮ ਕਰਨਾ ਸੀ ਉਲਟਾ ਪੰਜਾਬ ਦੇ ਨੌਜਵਾਨਾਂ ਨੂੰ ਹੀ ਖ਼ਤਮ ਕਰਨ ਲੱਗ ਗਈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜ਼ਹਿਰੀਲੀ ਸ਼ਰਾਬ ਡਿਸਟਿਲਰੀਆਂ ਰਾਹੀਂ ਸਪਲਾਈ ਕਰਕੇ ਸੈਂਕੜੇ ਲੋਕਾਂ ਦੀ ਜਾਨ ਲੈ ਰਹੀ ਹੈ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ ।
ਜ਼ਿਲ੍ਹਾ ਫ਼ਰੀਦਕੋਟ ਤੋਂ ਬੀਜੇਪੀ ਪ੍ਰਧਾਨ ਵਿਜੇ ਛਾਬੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਅੰਦਰ ਡਿਸਟਿਲਰੀਆਂ ਰਾਹੀਂ ਮਾੜੀ ਸ਼ਰਾਬ ਲੋਕਾਂ ਨੂੰ ਪਿਲਾਈ ਜਾ ਰਹੀ ਹੈ ਜਿਸ ਕਾਰਨ ਬੀਤੇ ਦਿਨੀਂ 100 ਤੋਂ ਵੱਧ ਮੌਤਾਂ ਹੋਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਤਾਂ ਵਿੱਚ ਕਾਂਗਰਸੀ ਆਗੂਆਂ ਦਾ ਨਾਮ ਆ ਰਿਹਾ ਹੈ ਇਸ ਲਈ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਨੂੰ ਲੈ ਕੇ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।