ਫਰੀਦਕੋਟ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਕਾਂਗਰਸ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਲਕੇ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਕਬੂਲਦਿਆਂ ਕਿਹਾ ਕਿ ਮੇਰੇ ਵੱਲੋਂ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜ ਲੋਕਾਂ ਨੂੰ ਪਸੰਦ ਨਹੀਂ ਆਏ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਸਮੱਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਿੱਤ ਹਾਸਲ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰੇ ਖ਼ੁਦ ਵਿੱਚ ਹੀ ਕੋਈ ਕਮੀ ਹੋਵੇਗੀ, ਜਿਸ ਕਾਰਨ ਹਾਰ ਦਾ ਸਾਹਮਣਾ ਕਰਨਾ ਪਿਆ।
ਤਾਜ ਪੈਲੇਸ ਵਿੱਚ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿੱਕੀ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਹੀ ਵਰਕਰਾਂ ਅਤੇ ਸਮਰੱਥਕਾਂ ਨੇ ਦਿਨ ਰਾਤ ਮਿਹਨਤ ਕੀਤੀ, ਜਿਸ ਦਾ ਮੈਂ ਅਹਿਸਾਨਮੰਦ ਹਾਂ ਅਤੇ ਸਾਰੇ ਹੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੈਂ ਇਸ ਹਾਰ ਦੀ ਜ਼ਿੰਮੇਵਾਰੀ ਖੁਦ ਕਬੂਲਦਾ ਹਾਂ। ਉਨ੍ਹਾਂ ਕਿਹਾ ਕਿ ਮੇਰੇ ਵਿੱਚ ਕਈ ਕਮੀਆਂ ਰਹੀਆਂ ਹੋਣਗੀਆਂ, ਜਿਸ ਕਰਕੇ ਲੋਕਾਂ ਨੇ ਸਾਥ ਨਹੀਂ ਦਿੱਤਾ।
ਕਿੱਕੀ ਢਿੱਲੋਂ ਨੇ ਕਿਹਾ ਕਿ ਮੇਰੀ ਕੋਸ਼ਿਸ਼ ਸੀ ਕਿ ਮੇਰੇ ਹਲਕੇ ਵਿਚ ਜਿਹੜੇ ਕੰਮ ਪਿਛਲੇ 50 ਸਾਲਾਂ ਵਿਚ ਨਹੀਂ ਹੋਏ, ਉਹ ਕੰਮ ਮੁਕੰਮਲ ਕੀਤੇ ਜਾਣ। ਇਸ ਲਈ ਪਿਛਲੇ ਪੰਜ ਸਾਲਾਂ ਵਿਚ ਸਾਰੇ ਕੰਮ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੰਨਾ ਪੈਸਾ ਫਰੀਦਕੋਟ ਹਲਕੇ ਵਿਚ ਖਰਚ ਕੀਤਾ ਗਿਆ ਹੈ, ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮੈਂ ਜਿਹੜੇ ਵੀ ਕੰਮ ਫਰੀਦਕੋਟ ਹਲਕੇ ਵਿੱਚ ਕੀਤੇ ਹਨ, ਉਹ ਹਰੇਕ ਨਾਗਰਿਕ ਦੇ ਫਾਇਦੇ ਲਈ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵਾਂਗ ਹੀ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦਾ ਰਹਾਂਗਾ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਵਿੱਚ ਦੋ ਪੁਰਾਣੇ ਚਿਹਰੇ