ਫਰੀਦਕੋਟ: ਕਿਰਤੀ ਕਿਸਾਨ ਯੂਨੀਅਨ ਵੱਲੋ ਪੰਜਾਬ ਦੇ ਪਾਣੀਆਂ ਲਈ ਪੂਰੇ ਪੰਜਾਬ 'ਚ ਕੀਤੀਆਂ ਜਾ ਰਹੀਆਂ ਕਨਵੈਨਸ਼ਨਾਂ ਤਹਿਤ ਫਰੀਦਕੋਟ ਵਿੱਚ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਖੇਤੀ ਲਈ ਪਾਣੀ ਦੀ ਗੰਭੀਰ ਘਾਟ ਦਾ ਸ਼ਿਕਾਰ ਹੋ ਚੁੱਕਿਆ ਹੈ।
ਪਾਣੀ ਦੇ ਤਿੰਨ ਸੋਮੇ, ਜ਼ਮੀਨ ਹੇਠਲਾ ਪਾਣੀ, ਦਰਿਆਈ-ਨਹਿਰੀ ਪਾਣੀ ਅਤੇ ਮੀਂਹ ਦਾ ਪਾਣੀ ਸਰਕਾਰਾਂ ਵੱਲੋਂ ਧਾਰਨ ਕੀਤੀਆਂ ਨੀਤੀਆਂ ਅਤੇ ਯੋਗ ਪ੍ਰਬੰਧ ਨਾ ਕਰਨ ਕਰਕੇ ਇਹ ਸੰਕਟ ਦਿਨੋ-ਦਿਨ ਗਹਿਰਾ ਹੋ ਰਿਹਾ। ਕੇਂਦਰ ਸਰਕਾਰ ਵੱਲੋਂ ਕੇਂਦਰੀਕਰਨ ਦੇ ਅਜੰਡੇ ਤਹਿਤ ਡੈਮ ਸਕਿਉਰਿਟੀ ਐਕਟ ਰਾਹੀਂ ਸੂਬਿਆਂ ਦੇ ਪਾਣੀ ਦੇ ਅਧਿਕਾਰ ਉੱਪਰ ਡਾਕਾ ਮਾਰਿਆ ਗਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਇਸ ਮਾਮਲੇ 'ਤੇ ਭਵਿੱਖ ਵਿੱਚ ਕੇਂਦਰ ਸਰਕਾਰ ਵਿਰੁੱਧ ਵੱਡੇ ਜਨਤਕ ਸੰਘਰਸ਼ ਨੂੰ ਲਾਮਬੰਦ ਕਰਨ ਦੀ ਅਪੀਲ ਕਰਦੇ ਹੋਏ ਇਸ ਐਕਟ ਨੂੰ ਰੱਦ ਕਰਨ ਦੀ ਜੋਰਦਾਰ ਮੰਗ ਕੀਤੀ। ਉਥੇ ਪੰਜਾਬ ਸਰਕਾਰ ਨੂੰ ਦੇਸ਼ ਦੇ ਫੈਡਰਲ ਢਾਂਚੇ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਐਕਟ ਨੂੰ ਰੱਦ ਕਰਨ ਸਬੰਧੀ ਅਸੈਂਬਲੀ ਵਿੱਚ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ।
ਇੱਕਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਕਿੰਗਰਾ ਤੇ ਬਲਾਕ ਪ੍ਰਧਾਨ ਰਜਿੰਦਰ ਕਿੰਗਰਾ ਨੇ ਕਿਹਾ ਕਿ ਦਰਿਆਵਾਂ ਵਿਚਲੇ ਅਣਵਰਤੇ ਵਹਿ ਰਹੇ ਪਾਣੀ ਨੂੰ ਨਹਿਰੀ ਸਿਸਟਮ ਦਾ ਸੂਬੇ ਭਰ ’ਚ ਵਿਕਾਸ ਕਰਕੇ ਸੰਭਾਲਣ ਦੇ ਨਾਲ-ਨਾਲ ਨਹਿਰੀ ਪਾਣੀ ਰਾਹੀਂ ਸਿੰਜਾਈ ਦੀ ਨੀਤੀ ਨੂੰ ਪ੍ਰਮੁੱਖਤਾ ਦੇਣ ਦੀ ਜ਼ਰੂਰਤ ਹੈ।
ਨਹਿਰੀ ਪਾਣੀ ਸਾਰਾ ਸਾਲ ਉਪਲਬਧ ਕਰਵਾਏ ਜਾਣ ਦਾ ਪ੍ਰਬੰਧ ਉਸਾਰੇ ਜਾਣ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਠੋਸ ਨੀਤੀ ਬਣਾ ਕੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਮੰਗ ਕੀਤੀ। ਬਰਸਾਤੀ ਪਾਣੀ ਨੂੰ ਜ਼ਮੀਨ ਦੀ ਤੱਗੀ ਤੱਕ ਜੀਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਲਈ ਸਰਕਾਰ ਵੱਲੋਂ ਨੀਤੀ ਬਣਾਉਣ ਦੇ ਨਾਲ-ਨਾਲ ਨਹਿਰੀ ਮੋਘਿਆਂ ’ਤੇ ਰੀਚਾਰਜ ਪੁਆਇੰਟ ਅਤੇ ਨਹਿਰਾਂ ਅਤੇ ਕੱਸੀਆਂ ਦੇ ਤਲੇ ਕੱਚੇ ਰੱਖੇ ਜਾਣ ਦੀ ਮੰਗ ਨੂੰ ਵੀ ਕਿਸਾਨ ਆਗੂਆਂ ਨੇ ਜ਼ੋਰ ਸੋ਼ਰ ਨਾਲ ਉਭਾਰਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿਵੀਆਂ ਨੇ ਕਿਹਾ ਕੇ ਦਰਿਆਵਾਂ ਵਿੱਚ ਇੰਡਸਟਰੀ ਵੱਲੋਂ ਪ੍ਰਦੂਸ਼ਿਤ ਪਾਣੀ ਸੁੱਟਣ ਦੇ ਮਾਮਲੇ ’ਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਉੱਪਰ ਰੋਕ ਲਾਉਣ ਲਈ ਸਖਤ ਨੀਤੀ ਬਣਾ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਨਅਤਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਉਨ੍ਹਾਂ ਖੇਤੀ ਵਿਭਿੰਨਤਾ ਤੇ ਪਾਣੀ ਦਾ ਮਾਮਲਾ ਅਨਿੱਖੜਵੇਂ ਰੂਪ ਵਿੱਚ ਜੁੜੇ ਹੋਣ ਕਾਰਨ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਸੂਬਿਆਂ ਵਿਚਕਾਰ ਦਰਿਆਈ ਪਾਣੀਆਂ ਦੇ ਝਗੜਿਆਂ ਨੂੰ ਰਿਪੇਰੀਅਨ ਸਿਧਾਂਤ ਤਹਿਤ ਹੱਲ ਕਰਨ ਦੀ ਜੋਰਦਾਰ ਵਕਾਲਤ ਕਰਦੇ ਹੋਏ ਹੈੱਡਵਰਕਸ ਦਾ ਕੰਟਰੋਲ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਸਰਕਾਰ ਅਤੇ ਰਵਨੀਤ ਬਿੱਟੂ 'ਤੇ ਸੁਖਬੀਰ ਬਾਦਲ ਨੇ ਸਾਧਿਆ ਨਿਸ਼ਾਨਾ, ਰਾਜੋਆਣਾ 'ਤੇ ਵੀ ਕਿਹਾ...