ਫ਼ਰੀਦਕੋਟ: ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਇੱਕ ਕੋਰੋਨਾ ਮਰੀਜ਼ ਨੇ ਸਵੇਰੇ 5 ਵਜੇ ਦੇ ਕਰੀਬ ਤੀਜੀ ਮੰਜਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਪਰਵਾਹੀ ਅਤੇ ਕਤਲ ਦੇ ਦੋਸ਼ ਲਗਾਏ ਹਨ। ਪਰਿਵਾਰ ਨੇ ਲਾਸ਼ ਨੂੰ ਐਮਰਜੈਂਸੀ ਵਾਰਡ ਦੇ ਬਾਹਰ ਰੱਖ ਕੇ ਹੰਗਾਮਾ ਕੀਤਾ ਅਤੇ ਹਸਪਤਾਲ ਪ੍ਰਸ਼ਾਸਨ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਮ੍ਰਿਤਕ ਦੀ ਪਤਨੀ ਰਣਜੀਤ ਕੌਰ ਅਤੇ ਰਿਸ਼ਤੇਦਾਰ ਬਲਜੀਤ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੀ ਰਾਤ ਸਭ ਕੁਝ ਠੀਕ ਸੀ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਉਸ ਦੀ ਹਾਲਤ ਖ਼ਰਾਬ ਹੋਣ ਦੀ ਸੂਚਨਾ ਦੇ ਕੇ ਡਾਕਟਰਾਂ ਨੇ ਸੰਦੀਪ ਨੂੰ ਵੈਂਟੀਲੇਟਰ 'ਤੇ ਰੱਖਣ ਦੀ ਗੱਲ ਕਹੀ, ਜਿਸ ਦੇ ਬਾਅਦ ਸਾਡੇ ਤੋਂ ਦਵਾਈ ਮੰਗਵਾਈ ਗਈ। ਇਸ ਤੋਂ ਬਾਅਦ ਸਵੇਰੇ 5 ਵਜੇ ਦੇ ਕਰੀਬ ਹਸਪਤਾਲ ਵੱਲੋਂ ਉਨ੍ਹਾਂ ਨੂੰ ਸੂਚਨਾ ਦੇ ਦਿੱਤੀ ਗਈ ਕਿ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: SC ਨੇ ਸਾਬਕਾ DGP ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਲਾਈ ਰੋਕ, ਪੰਜਾਬ ਸਰਕਾਰ ਨੂੰ ਜਵਾਬ ਤਲਬ
ਮੌਕੇ 'ਤੇ ਪਹੁੰਚੇ ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਮਰੀਜ਼ ਹਸਪਤਾਲ ਵਿੱਚ ਕੋਰੋਨਾ ਪੌਜ਼ੀਟਿਵ ਹੋਣ ਦੇ ਚਲਦੇ ਦਾਖ਼ਲ ਸੀ ਅਤੇ ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਬਿਆਨ ਲਿਖਣ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਜਾਣਕਾਰੀ ਮੁਤਾਬਕ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੁਦਕੀ ਦਾ ਰਹਿਣ ਵਾਲਾ 38 ਸਾਲਾ ਸੰਦੀਪ ਸਿੰਘ ਛਾਤੀ ਦੇ ਰੋਗ ਤੋਂ ਪੀੜਤ ਸੀ ਅਤੇ ਇਸ ਦੇ ਚਲਦੇ ਉਸ ਨੂੰ ਫ਼ਰੀਦਕੋਟ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਸੀ। ਸ਼ਨੀਵਾਰ ਨੂੰ ਸੰਦੀਪ ਨੂੰ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਸ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ।