ਸ਼ੁੱਕਰਵਾਰ ਨੂੰ ਅਗਾਊ ਜ਼ਮਾਨਤ ਅਰਜ਼ੀ ਤੇ ਬਹਿਸ ਮੁਕੰਮਲ ਹੋ ਗਈ ਸੀ। ਇਸ ਦੌਰਾਨ ਬਚਾਅ ਪੱਖ ਦੇ ਵਕੀਲਾਂ ਨੇ ਪੁਲਿਸ ਅਧਿਕਾਰੀਆਂ ਦੀ ਜਿੱਥੇ ਜ਼ਮਾਨਤ ਮਨਜ਼ੂਰ ਕਰਨ ਦੀ ਗੁਹਾਰ ਲਗਾਈ, ਉਥੇ ਹੀ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਪਰਿਵਾਰ ਨੇ ਵੀ ਆਪਣੇ ਵਕੀਲ ਰਾਹੀਂ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਸੀ। ਪਰਿਵਾਰ ਨੇ ਐੱਸਆਈਟੀ ਦੀ ਹੁਣ ਤੱਕ ਦੀ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟਾਈ ਹੈ।
ਬਹਿਬਲ ਕਲਾਂ ਗੋਲੀਕਾਂਡ 'ਚ ਤਿੰਨ ਪੁਲਿਸ ਮੁਲਾਜ਼ਮ ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਮੁਲਜ਼ਮ ਹਨ।
ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਵੱਲੋਂ ਪ੍ਰਦਾਰਸ਼ਕਾਰੀਆਂ ਉਤੇ ਬਹਿਬਲ ਕਲਾਂ ਵਿਚ ਗੋਲੀ ਚਲਾ ਦਿੱਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਕਾਰਵਾਈ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ ਸੀ। ਐੱਸਆਈਟੀ ਵੱਲੋਂ ਤਿੰਨ ਪੁਲਿਸ ਅਧਿਕਾਰੀਆਂ ਨੂੰ ਬੀਤੇ 29 ਜਨਵਰੀ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਸੀ, ਪਰ ਇਹ ਪੇਸ਼ ਨਹੀਂ ਹੋਏ ਸਨ ਤੇ ਅਗਾਊ ਜ਼ਮਾਨਤ ਦੀ ਅਰਜ਼ੀ ਪਾ ਦਿੱਤੀ ਸੀ। ਇਸ ਮਾਮਲੇ 'ਚ ਸਾਬਕਾ ਐੱਸਐੱਸਪੀ ਦੀ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ।