ਫ਼ਰੀਦਕੋਟ: ਸੋਸ਼ਲ ਮੀਡੀਆ ਉੱਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਗਏ ਕੋਵਿਡ ਕੇਅਰ ਸੈਂਟਰਾਂ ਨੂੰ ਪੰਜਾਬ ਸਰਕਾਰ ਵੱਲੋਂ ਬੰਦ ਕਰਨ ਦੇ ਦਿੱਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੀ ਕਾਪੀ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਆਦੇਸ਼ਾਂ ਨੂੰ ਵੀ ਨਕਾਰਿਆ ਤੇ ਕਿਹਾ ਕਿ ਅਜਿਹੇ ਕਿਸੇ ਵੀ ਤਰ੍ਹਾਂ ਦੇ ਆਦੇਸ਼ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਕੇਅਰ ਸੈਂਟਰ ਬੰਦ ਨਹੀਂ ਕੀਤੇ ਜਾ ਰਹੇ ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਇਲਾਜ ਲਈ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ। ਅੱਜ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੇਲਿਆਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਕਰ ਇਨ੍ਹਾਂ ਰੁਜ਼ਗਾਰ ਮੇਲਿਆਂ ਦੀ ਜਿੱਥੇ ਸਮਾਪਤੀ ਦਾ ਐਲਾਨ ਕੀਤਾ ਗਿਆ ਉੱਥੇ ਹੀ ਇਨ੍ਹਾਂ ਮੇਲਿਆਂ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ ਗਈਆਂ। ਫ਼ਰੀਦਕੋਟ ਵਿੱਚ ਇਸ ਵੀਡੀਓ ਕਾਨਫ਼ਰੰਸ ਵਿੱਚ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਿਸ਼ੇਸ਼ ਤੌਰ ਉੱਤੇ ਪਹੁੰਚੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ 93,000 ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਅਤੇ ਕਰੀਬ 4 ਲੱਖ ਨੌਜਵਾਨਾਂ ਨੂੰ ਨਿੱਜੀ ਖੇਤਰ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਜਿੱਥੇ ਜ਼ਿਲ੍ਹੇ ਦੇ ਕਾਂਗਰਸੀ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਉੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਤੇ ਕਿਸਾਨੀ ਬਿੱਲਾਂ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕੋਸਿਆ।