ਫ਼ਰੀਦਕੋਟ: ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 15 ਅਗਸਤ ਨੂੰ ਕਾਲਾ ਦਿਨ ਮਨਾਉਣ ਦੀ ਵੀ ਅਪੀਲ ਕੀਤੀ ਹੈ ਜਿਸ ਨੂੰ ਲੈ ਕੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਫਰੀਦਕੋਟ ਵਿੱਚ ਵੀ ਪੂਰਨ ਤੌਰ ਤੇ ਬੰਦ ਦਾ ਅਸਰ ਵੇਖਣ ਨੂੰ ਮਿਲਿਆ ਦਲਿਤ ਜਥੇਬੰਦੀਆਂ ਵੱਲੋਂ ਇਸ ਮੌਕੇ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਦਲਿਤ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਦਲਿਤ ਆਗੂ ਓਮ ਪ੍ਰਕਾਸ਼ ਬੋਹਤ ਨੇ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਘੱਟ ਗਿਣਤੀਆਂ ਅਤੇ ਦਲਿਤਾਂ ਤੇ ਅੱਤਿਆਚਾਰ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਉਨ੍ਹਾਂ ਪ੍ਰਾਚੀਨ ਰਵਿਦਾਸ ਮੰਦਰ ਨੂੰ ਢਹਿ ਢੇਰੀ ਕਰ ਦਿੱਤਾ ਹੈ। ਬੋਹਤ ਨੇ ਕਿਹਾ ਕਿ ਜਦ ਤੱਕ ਸਰਕਾਰ ਸੁਪਰੀਮ ਕੋਰਟ ਤੋਂ ਬੇਨਤੀ ਕਰਕੇ ਇਸ ਮੰਦਰ ਦੀ ਉਸਾਰੀ ਦੁਬਾਰਾ ਨਹੀਂ ਕਰਵਾ ਲੈਂਦੀ ਉਸ ਵੇਲ੍ਹੇ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।