ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੋਗਾ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ਦੀ ਮਦਦ ਨਾਲ ਫ਼ਰੀਦਕੋਟ ਅਦਾਲਤ ਵਿਖੇ ਲਿਆਂਦਾ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨੀਂ ਐਸ.ਆਈ.ਟੀ ਨੇ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਕਰ ਕੇ ਫ਼ਰੀਦਕੋਟ ਅਦਾਲਤ ਤੋਂ ਪ੍ਰੋਟੈਕਸ਼ਨ ਵਾਰੰਟ ਜਾਰੀ ਕਰਵਾਇਆ ਸੀ। ਐਸ.ਆਈ.ਟੀ ਅੱਜ ਚਰਨਜੀਤ ਸ਼ਰਮਾ ਨੂੰ ਅਦਾਲਤ ਸਾਹਮਣੇ ਪੇਸ਼ ਕਰ ਕੇ ਉਸ ਤੋਂ ਕੋਟਕਪੂਰਾ ਗੋਲੀਕਾਂਡ ਸਬੰਧੀ ਪੁੱਛਗਿੱਛ ਕਰਨ ਲਈ ਮਾਨਯੋਗ ਅਦਾਲਤ ਤੋਂ ਪੁਲਿਸ ਰਿਮਾਂਡ ਮੰਗ ਸਕਦੀ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਾਅਦ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ ਅਤੇ ਇਸੇ ਮਾਮਲੇ ਵਿੱਚ ਨਾਮਜ਼ਦ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਰੱਦ ਹੋ ਚੁੱਕੀ ਹੈ ਅਤੇ ਹੁਣ ਐਸ.ਆਈ.ਟੀ ਨੇ ਇਸ ਮਾਮਲੇ ਵਿੱਚ ਮੋਗਾ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਨਾਮਜ਼ਦ ਕੀਤਾ ਹੈ।
ਜਾਣਕਾਰੀ ਮੁਤਾਬਕ ਘਟਨਾ ਦੇ ਲਗਭਗ 3 ਸਾਲਾ ਬਾਅਦ ਥਾਣਾ ਸਿਟੀ ਕੋਟਕਪੂਰਾ ਵਿੱਚ ਅਜੀਤ ਸਿੰਘ ਨਾਮੀਂ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਦਰਜ਼ ਕੀਤੀ ਗਈ ਐਫ਼.ਆਈ.ਆਰ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਕਿਸੇ ਵੀ ਸਿਆਸੀ ਨੇਤਾ ਦਾ ਨਾਮ ਨਹੀਂ ਹੈ, ਐਸ.ਆਈ.ਟੀ ਨੇ ਆਪਣੀ ਪੁੱਛਗਿੱਛ ਦੌਰਾਨ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਐਮ.ਐਲ.ਏ. ਮਨਤਾਰ ਸਿੰਘ ਬਰਾੜ ਨੂੰ ਨਾਮਜ਼ਦ ਕੀਤਾ ਹੈ।