ਫ਼ਰੀਦਕੋਟ: ਮਾਲਵੇ ਦੀ ਸਿਰਮੌਰ ਮੈਡੀਕਲ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸ਼ਹਿਰ ਵਾਲੇ ਪਾਸੇ ਦਾ ਗੇਟ ਹਸਪਤਾਲ ਪ੍ਰਸ਼ਾਸਨ ਨੇ ਬੰਦ ਕੀਤਾ ਹੋਇਆ ਹੈ। ਇਸ ਬੰਦ ਗੇਟ ਦੇ ਕਾਰਨ ਸ਼ਹਿਰ ਦੇ ਲੋਕਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਲਈ ਕਰੀਬ 2.5 ਕਿਲੋ ਮੀਟਰ ਜਿਆਦਾ ਸਫ਼ਰ ਤੈਅ ਕਰ ਕੇ ਆਉਣਾ ਪੈਂਦਾ ਹੈ, ਜਿਸ ਕਾਰਨ ਬਾਹਰੋਂ ਆਉਣ ਵਾਲੇ ਮਰੀਜਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਸਮੱਸਿਆ ਦੇ ਚਲਦੇ ਗੇਟ ਖੁਲਵਾਉਣ ਲਈ ਅੱਜ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਬੰਦ ਪਏ ਗੇਟ ਦੇ ਬਾਹਰ ਧਰਨਾ ਲਗਾ ਕੇ ਗੇਟ ਖੋਲ੍ਹੇ ਜਾਣ ਦੀ ਮੰਗ ਕੀਤੀ ਗਈ।
ਧਰਨੇ 'ਤੇ ਬੈਠੇ ਆਮ ਆਦਮੀ ਪਾਰਟੀ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਸ਼ਹਿਰ ਦੇ ਲੋਕਾਂ ਨੂੰ ਅਜਿਹੀ ਸੁਵਿਧਾ ਤੋਂ ਵਾਂਝੇ ਰੱਖਿਆ ਜਾ ਰਿਹਾ ਜਿਸ 'ਤੇ ਕੋਈ ਖਰਚ ਨਹੀਂ ਆਉਣਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਜੋ ਮਾਲਵੇ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ, ਇਸ 'ਚ ਇਲਾਜ ਕਰਵਾਉਣ ਆਏ ਲੋਕਾਂ ਨੂੰ ਵੱਡੀਆਂ ਸਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਕਿਉਂਕਿ ਹਸਪਤਾਲ ਪ੍ਰਸ਼ਾਸ਼ਨ ਨੇ ਬੀਤੇ ਲੰਬੇ ਸਮੇਂ ਤੋਂ ਹਸਪਤਾਲ ਦਾ ਸ਼ਹਿਰ ਵੱਲ ਖੁੱਲ੍ਹਦਾ ਗੇਟ ਬੰਦ ਕਰ ਰੱਖਿਆ ਹੈ। ਇਸ ਕਾਰਨ ਬਾਹਰੋਂ ਆਉਣ ਵਾਲੇ ਮਰੀਜ਼ਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਇਲਾਜ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਗੇਟ ਨੂੰ ਖੋਲ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਹਸਪਤਾਲ ਵਿੱਚ ਆਉਣ ਲਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੇਟ ਨਹੀਂ ਖੁੱਲ੍ਹਦਾ ਉੱਦੋਂ ਤੱਕ ਉਨ੍ਹਾਂ ਵਲੋਂ ਧਰਨਾ ਜਾਰੀ ਰਹੇਗਾ।