ਫ਼ਰੀਦਕੋਟ: ਸਥਾਨਕ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਪੁਲਿਸ ਨੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਇੱਕ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਇਨ੍ਹਾਂ ਗੈਂਗਸਟਰਾਂ ਕੋਲੋਂ 3 ਪਿਸਟਲ ਤੇ 31 ਜ਼ਿੰਦਾ ਕਾਰਤੂਸ ਤੇ ਇਕ ਕਾਪਾ ਵੀ ਬਰਾਮਦ ਹੋਇਆ।
ਇਸ ਬਾਰੇ ਪ੍ਰੈਸ ਕਾਨਫ਼ਰੰਸ ਕਰਕੇ ਐੱਸਐੱਸਪੀ ਰਾਜ ਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਗੁਪਤ ਜਾਣਕਾਰੀ ਮਿਲੀ ਸੀ ਜਿਸ ਦੇ ਆਧਾਰ 'ਤੇ ਫ਼ਰੀਦਕੋਟ ਦੀ ਸ਼ੂਗਰ ਮਿੱਲ ਜੋ ਬੰਦ ਪਈ ਹੈ, ਉਸ ਵਿੱਚ ਕੁਝ ਗ਼ਲਤ ਲੋਕ ਇਕੱਠੇ ਹੋ ਕੇ ਸਾਜ਼ਿਸ਼ ਕਰ ਰਹੇ ਹਨ। ਇਸ ਨੂੰ ਲੈ ਕੇ ਸੀਆਈਏ ਸਟਾਫ਼ ਫ਼ਰੀਦਕੋਟ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ 4 ਲੋਕਾਂ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇਨ੍ਹਾਂ ਦਾ ਇਕ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਬੂ ਕੀਤੇ ਗਏ 4 ਗੈਂਗਸਟਰਾਂ ਦੀ ਪਛਾਣ ਸੀ ਕੈਟਾਗਰੀ ਦੇ ਖ਼ਤਰਨਾਕ ਗੈਂਗਸਟਰਾਂ ਵਜੋਂ ਹੋਈ ਹੈ ਜਿੰਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।