ਫ਼ਰੀਦਕੋਟ: ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਪੀਆਰਟੀਸੀ ਮੁਲਾਜ਼ਮ ਯੂਨੀਅਨ ਫਰੀਦਕੋਟ ਦੇ ਆਗੂਆਂ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਪੀਐਚਸੀ ਡਿੱਪੂ ਫ਼ਰੀਦਕੋਟ ਦੇ ਗੇਟ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਮੌਕੇ ਯੂਨੀਅਨ ਆਗੂ ਸਿਮਰਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਮੁਲਾਜ਼ਮਾਂ ਦਾ ਛੇਵਾਂ ਪੇ ਕਮਿਸ਼ਨ ਹੀ ਨਹੀਂ ਦਿੱਤਾ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਹੁਣ ਕੋਰੋਨਾ ਮਹਾਮਾਰੀ ਦੀ ਆੜ ਵਿੱਚ ਠੇਕਾ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਬਿਨਾਂ ਤਨਖ਼ਾਹ ਤੋਂ ਘਰ ਬਿਠਾਉਣ ਜਾ ਰਹੀ ਹੈ ਜਿਸ ਦਾ ਉਹ ਸਖ਼ਤ ਵਿਰੋਧ ਕਰਨਗੇ ਅਤੇ ਜੇਕਰ ਸਰਕਾਰ ਨੇ ਅਜਿਹਾ ਕੋਈ ਫੈਸਲਾ ਲਿਆ ਤਾਂ ਕੱਚੇ ਮੁਲਾਜ਼ਮਾਂ ਸ਼ਾਂਤ ਨਹੀਂ ਬੈਠਣਗੇ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੌਰਾਨ ਬੱਸਾਂ ਨਾ ਚੱਲਣ ਕਾਰਨ ਪੀਆਰਟੀਸੀ ਨੂੰ ਬਹੁਤ ਨੁਕਸਾਨ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਨੂੰ ਇਸ ਮਹਿਕਮੇ ਦੀ ਆਰਥਿਕ ਮਦਦ ਵੀ ਕਰਨੀ ਚਾਹੀਦੀ ਹੈ ਤਾਂ ਜੋ ਮੁਲਾਜ਼ਮਾਂ ਨੂੰ ਤਨਖਾਹ ਮਿਲ ਸਕੇ।