ਫ਼ਰੀਦਕੋਟ: ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਬੀਤੀ 24 ਜੁਲਾਈ ਤੋਂ ਲਗਾਤਾਰ ਭੁੱਖ ਹੜਤਾਲ 'ਤੇ ਬੈਠੇ ਮਲਟੀਪਰਪਜ਼ ਹੈਲਥ ਵਰਕਰਾਂ ਦੇ ਸੰਘਰਸ਼ ਨੂੰ ਉਸ ਵਕਤ ਬਲ ਮਿਲਿਆ, ਜਦੋਂ ਸਿਹਤ ਵਿਭਾਗ ਵਿੱਚ ਕੰਮ ਕਰਦੇ ਡਾਕਟਰਾਂ, ਫਾਰਮਾਸਿਸਟਾਂ, ਨਰਸਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੇ ਉਨ੍ਹਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਅਤੇ ਚੇਤਾਵਨੀ ਵਜੋਂ ਬੁੱਧਵਾਰ 2 ਘੰਟੇ ਲਈ ਕਲਮ ਛੋੜ ਹੜਤਾਲ ਕਰਕੇ ਹਸਪਤਾਲ ਦਾ ਕੰਮਕਾਰ ਬੰਦ ਰੱਖਿਆ।
ਆਈ.ਐਮ.ਏ. ਦੇ ਆਗੂ ਅਤੇ ਸਿਵਲ ਹਸਪਤਾਲ ਫ਼ਰੀਦਕੋਟ ਦੇ ਐਸ.ਐਮ.ਓ. ਡਾ. ਚੰਦਰ ਸ਼ੇਖਰ ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰ 15 ਸਾਲਾਂ ਤੋਂ ਠੇਕਾ ਆਧਾਰ 'ਤੇ ਸਿਹਤ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਸਰਕਾਰ ਹੁਣ ਇਨ੍ਹਾਂ ਪੋਸਟਾਂ 'ਤੇ ਰੈਗੂਲਰ ਭਰਤੀ ਕਰਨ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਜੋ ਬੀਤੇ ਕਈ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਸ ਵਿੱਚ ਉਹ ਵੀ ਉਨ੍ਹਾਂ ਦੇ ਨਾਲ ਹਨ।
ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਆਗੂ ਗੁਰਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਅਤੇ ਰੋਜ਼ਾਨਾ ਪੰਜ-ਪੰਜ ਮੁਲਾਜ਼ਮ ਛੁੱਟੀ ਲੈ ਕੇ ਭੁੱਖ ਹੜਤਾਲ 'ਤੇ ਬੈਠਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਵਾਇਰਸ ਦੀ ਆੜ ਵਿੱਚ ਮੁਲਾਜ਼ਮਾਂ ਨਾਲ ਧੱਕਾ ਕਰਨ ਜਾ ਰਹੀ ਹੈ ਅਤੇ ਨਵੀਆਂ ਰੈਗੂਲਰ ਭਰਤੀਆਂ ਕਰਨ ਜਾ ਰਹੀ ਹੈ ਜਿਸਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਿਹਤ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋ ਚੁੱਕੀਆਂ ਹਨ ਅਤੇ 7 ਅਗਸਤ ਨੂੰ ਉਨ੍ਹਾਂ ਵੱਲੋਂ ਪਟਿਆਲਾ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।