ਫਰੀਦਕੋਟ: ਬੇਅਦਬੀ ਕਾਂਡ ਤੋਂ ਬਾਅਦ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਤਤਕਾਲੀ ਐੱਸ.ਐੱਚ.ਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਡੀਐੱਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜੀ 'ਤੇ ਸੁਣਵਾਈ 10 ਜੂਨ ਨੂੰ ਹੋਵੇਗੀ। ਉਧਰ, ਤਤਕਾਲੀ ਲੁਧਿਆਣਾ ਰੇਂਜ ਦੇ ਏਡੀਸੀਪੀ ਪਰਮਜੀਤ ਸਿੰਘ ਪੰਨੂੰ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ।
ਬੀਤੀ 27 ਮਈ ਨੂੰ SIT ਵੱਲੋਂ ਐੱਸਪੀ ਬਲਜੀਤ ਸਿੰਘ ਸੰਧੂ, ਇੰਸਪੈਕਟਰ ਗੁਰਦੀਪ ਸਿੰਘ ਅਤੇ ਪਰਮਜੀਤ ਸਿੰਘ ਪੰਨੂੰ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਏਕਤਾ ਉੱਪਲ(ਇਲਾਕਾ ਮੈਜਿਸਟ੍ਰੇਟ) ਨੇ ਉਕਤ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ। ਇਸ ਮਾਮਲੇ ਵਿੱਚ SIT ਵੱਲੋਂ ਨਾਮਜ਼ਦ ਕੀਤੇ ਗਏ ਪੁਲਿਸ ਅਧਿਕਾਰੀਆਂ ਨੂੰ ਡਰ ਸੀ ਕਿ ਜੇਕਰ ਉਹ ਅਦਾਲਤ ਵਿੱਚ ਪੇਸ਼ ਹੋਣਗੇ ਤਾਂ ਅਦਾਲਤ ਉਨ੍ਹਾਂ ਨੂੰ ਜੇਲ੍ਹ ਭੇਜ ਸਕਦੀ ਹੈ।