ਫ਼ਰੀਦਕੋਟ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਭੜਕੇ ਕਿਸਾਨਾਂ ਨੇ ਸ਼ਾਂਤਮਈ ਤਰੀਕੇ ਨਾਲ ਆਪਣੇ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਦੇ ਤਹਿਤ ਫ਼ਰੀਦਕੋਟ 'ਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਇਸ ਪ੍ਰਦਰਸ਼ਨ ਵਿੱਚ ਅਹਿਮ ਗੱਲ ਇਹ ਰਹੀ ਕਿ ਕਿਸਾਨ ਜਥੇਬੰਦੀਆਂ ਦੇ ਐਲਾਨ ਦੇ ਉਲਟ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਚੁੱਪ ਚਪੀਤੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਣ ਤੋਂ ਪਹਿਲਾਂ ਪੁਤਲੇ ਦੇ ਚੱਪਲ ਉਤਾਰ ਕੇ ਮਾਰਨੀ ਸ਼ੁਰੂ ਕਰ ਦਿੱਤੀ, ਇਸ ਤੋਂ ਬਾਅਦ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਸਬੰਧੀ ਕਿਸਾਨ ਆਗੂ ਬਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਆਗੂਆਂ ਦਾ ਉਨ੍ਹਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਅਤੇ ਸਟੇਜ ਤੋਂ ਬੋਲਣ 'ਤੇ ਮਨਾਹੀ ਹੈ ਪਰ ਅੱਜ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪਤਾ ਨਹੀਂ ਕਦੋਂ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਇਹ ਸਿਆਸੀ ਲੋਕ ਆਪਣੀ ਰਾਜਨੀਤੀ ਕਰ ਰਹੇ ਹਨ।
ਉੱਥੇ ਹੀ ਇਸ ਸਬੰਧੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਬਾਜੀ ਤੋਂ ਉਪਰ ਉਠ ਕੇ ਇੱਕ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਹਨ। ਇਸ ਵਿੱਚ ਉਨ੍ਹਾਂ ਨੇ ਕੋਈ ਰਾਜਨੀਤੀ ਨਹੀ ਕੀਤੀ।