ਫ਼ਰੀਦਕੋਟ: ਜੈਤੋ ਵਿਖੇ ਪੁਲਿਸ ਵੱਲੋਂ ਕਈ ਲੀਟਰ ਲਾਹਣ ਅਤੇ ਚਾਲੂ ਭੱਠੀਆਂ ਕਾਬੂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੂਬੇ ਵਿੱਚ ਗ਼ੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਪੁਲਿਸ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਦੇ ਤਹਿਤ ਲਗਾਤਾਰ ਗ਼ੈਰ-ਕਾਨੂੰਨੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਉੱਤੇ ਪੁਲਿਸ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ।
ਫ਼ਰੀਦਕੋਟ ਦੀ ਜੈਤੋ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਉੱਤੇ ਛਾਪੇਮਾਰੀ ਕਰ ਕੇ ਪਿੰਡ ਦਲ ਸਿੰਘ ਵਾਲਾ ਵਿੱਚ ਗ਼ੈਰ-ਕਾਨੂੰਨੀ ਸ਼ਰਾਬ ਦੀ ਚਾਲੂ ਭੱਠੀ ਸਮੇਤ ਵੱਖ-ਵੱਖ ਮਾਮਲਿਆਂ ਵਿੱਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐਡੀਸ਼ਨਲ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਕਰੀਬ 220 ਲੀਟਰ ਲਾਹਣ ਫੜੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰ ਕੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਬਠਿੰਡਾ ਜੇਲ੍ਹ ਵਿਖੇ ਭੇਜ ਦਿੱਤਾ ਗਿਆ ਹੈ।