ਫ਼ਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਦੇ ਸੀਨੀਅਰ ਡਾਕਟਰਾਂ ਵਲੋਂ ਮਹਿਲਾ ਡਾਕਟਰ ਨਾਲ ਜਿਣਸੀ ਛੇੜ ਛਾੜ ਵਿਰੁੱਧ ਪ੍ਰਦਰਸ਼ਨ ਕਰਦਿਆ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜੇਲ੍ਹ ਵਿੱਚ ਬੰਦ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਉੱਤੇ ਦੋਸ਼ ਲਗਾਏ ਹਨ। ਬੀਤੀ ਰਾਤ ਫ਼ਰੀਦਕੋਟ ਜੇਲ੍ਹ ਵਿਚ ਰਜਿੰਦਰ ਸਿੰਘ ਦੀ ਜੇਲ੍ਹ ਵਿਚ ਬੰਦ ਕੁਝ ਲੋਕਾਂ ਵਲੋਂ ਬੁਰੀ ਤਰਾਂ ਕੁੱਟਮਾਰ ਕੀਤੀ ਗਈ। ਜਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਭਰਤੀ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਸ ਵਿਰੁੱਧ ਕਥਿਤ ਝੂਠਾ ਮੁਕੱਦਮਾ ਦਰਜ ਕਰ ਕੇ ਜੇਲ੍ਹ ਵਿੱਚ ਭੇਜਿਆ ਗਿਆ ਹੈ। ਫ਼ਰੀਦਕੋਟ ਜੇਲ੍ਹ ਵਿੱਚ ਪਹਿਲਾਂ ਤੋਂ ਹੀ ਨਿਸ਼ਾਨ ਸਿੰਘ ਜੋ ਕਿ 2012 ਦੇ ਨਾਬਾਲਗ ਅਗਵਾ ਅਤੇ ਜਬਰ ਜਨਾਹ ਮਾਮਲੇ ਵਿੱਚ ਮੁੱਖ ਦੋਸ਼ੀ ਹੈ, ਉਹ ਬੰਦ ਹਨ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਉੱਤੇ ਹਮਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਨਿਸ਼ਾਨ ਸਿੰਘ ਵਿਰੁੱਧ ਉਨ੍ਹਾਂ ਨੇ 2012 ਵਿੱਚ ਵੱਡਾ ਸੰਘਰਸ਼ ਲੜਿਆ ਸੀ ਅਤੇ ਨਿਸ਼ਾਨ ਨੂੰ ਦੋਹਰੀ ਉਮਰ ਕੈਦ ਦੀ ਸਜ਼ਾ ਦੁਆਈ ਸੀ। ਇਸੇ ਰੰਜਿਸ਼ ਤਹਿਤ ਉਸ ਨੇ ਉਸ ਦੀ ਕੁੱਟਮਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਪਹਿਲਾਂ ਹੀ ਧਮਕੀਆਂ ਮਿਲੀਆਂ ਸਨ ਅਤੇ ਐਕਸ਼ਨ ਕਮੇਟੀ ਨੇ ਡਿਪਟੀ ਜੇਲ੍ਹ ਸੁਪਰਡੈਂਟ ਫ਼ਰੀਦਕੋਟ ਨੂੰ ਇਕ ਲਿਖ਼ਤ ਦਰਖ਼ਾਸਤ ਵੀ ਇਸ ਸਬੰਧੀ ਦਿੱਤੀ ਸੀ, ਪਰ ਉਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਇਸ ਸਾਰੇ ਮਾਮਲੇ ਬਾਰੇ ਗੱਲਬਾਤ ਕਰਦੇ ਹੋਏ ਡੀਐਸਪੀ ਫ਼ਰੀਦਕੋਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਕੁਝ ਲੜਕਿਆਂ ਨੇ ਜੇਲ੍ਹ ਵਿੱਚ ਬੰਦ ਰਜਿੰਦਰ ਸਿੰਘ 'ਤੇ ਹਮਲਾ ਕੀਤਾ ਸੀ ਜਿਸ ਵਿਚ ਰਜਿੰਦਰ ਸਿੰਘ ਜਖਮੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਦੇ ਬਿਆਨਾਂ 'ਤੇ ਨਿਸ਼ਾਨ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ।
ਇਹ ਵੀ ਪੜ੍ਹੋ: ਜਨਰਲ ਬਿਪਿਨ ਰਾਵਤ ਨੇ ਕਿਹਾ, ਫ਼ੌਜ ਰਾਜਨੀਤੀ ਤੋਂ ਦੂਰ ਰਹਿੰਦੀ ਹੈ