ਫਰੀਦਕੋਟ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਵਸਨੀਕਾਂ ਨੂੰ ਮਹੀਨੇ ਦੀ 300 ਯੂਨਿਟ ਤੱਕ ਬਿਜਲੀ ਮੁਆਫ਼ ਕਰਨ ਨੂੰ ਇਤਿਹਾਸਕ ਤੇ ਦੂਰਗਾਮੀ ਫੈਸਲਾ ਦੱਸਿਆ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਰਾਜ ਦੇ ਵਸਨੀਕਾਂ ਨੂੰ 300 ਯੂਨਿਟ ਤੱਕ ਬਿਜਲੀ ਮੁਆਫ ਕਰਨ ਦੀ ਦਿੱਤੀ ਗਈ ਗਾਰੰਟੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਮਲੀ ਜਾਮਾ ਪਹਿਨਾ ਦਿੱਤਾ ਹੈ।
ਜਿਸ ਦਾ ਸਾਰੇ ਪਾਸੇ ਤੋਂ ਭਰਵਾਂ ਸਵਾਗਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਵੱਲ ਇਹ ਇਕ ਵੱਡਾ ਕਦਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਜਿੱਥੇ ਗ਼ਰੀਬ ਅਤੇ ਕਿਰਤੀ ਵਰਗ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਉੱਥੇ ਹੀ ਆਮ ਲੋਕਾਂ ਨੂੰ ਵੀ ਸਰਕਾਰ ਦੀ ਇਸ ਲੋਕ ਹਿਤਕਾਰੀ ਸਕੀਮ ਦਾ ਵੱਡਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕਲਿਆਣਕਾਰੀ ਯੋਜਨਾਵਾਂ ਅਤੇ ਲੋਕ ਹਿੱਤ ਵਿੱਚ ਵਧੀਆ ਫ਼ੈਸਲੇ ਲਏ ਜਾਣਗੇ ਅਤੇ ਰਾਜ ਨੂੰ ਹਰ ਪੱਖੋਂ ਸਮਰੱਥ ਸੂਬਾ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਦਾ ਦਿੱਲੀ ਦੌਰਾ ਮੁਲਤਵੀ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਲੈਣਾ ਸੀ ਜਾਇਜ਼ਾ