ਫਰੀਦਕੋਟ: ਲੌਕਡਾਊਨ ਨੇ ਜਿਥੇ ਹਰ ਵਰਗ ਦੇ ਕਾਰੋਬਾਰ ਨੂੰ ਨੁਕਸਾਨ ਪਹੁੰਚਾਇਆ ਹੈ ਉਥੇ ਹੀ ਸਬਜ਼ੀਆਂ ਅਤੇ ਫਲਾਂ ਦਾ ਕਾਰੋਬਾਰ ਵੀ ਇਸ ਤੋਂ ਬਚ ਨਹੀਂ ਸਕਿਆ। ਫ਼ਰੀਦਕੋਟ 'ਚ ਸਬਜ਼ੀ ਅਤੇ ਫਲਾਂ ਦੇ ਕਾਰੋਬਾਰੀਆਂ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲੌਕਡਾਊਨ ਦੇ ਚਲਦੇ ਸਬਜ਼ੀਆਂ ਅਤੇ ਫਲਾਂ ਦੀ ਮੰਗ ਬਹੁਤ ਘੱਟ ਗਈ ਹੈ। ਨਾਲ ਹੀ ਸਬਜ਼ੀਆਂ ਅਤੇ ਫਲਾਂ ਦੇ ਰੇਟਾਂ ਵਿੱਚ ਵੀ ਭਾਰੀ ਗਿਰਾਵਟ ਆਈ ਹੈ।
ਸਬਜ਼ੀ ਦੇ ਕਾਰੋਬਾਰ ਨਾਲ ਜੁੜੇ ਕਿਸਾਨਾਂ ਨੂੰ ਵੀ ਸਬਜ਼ੀ ਮੰਡੀਆਂ ਤੱਕ ਪਹੁੰਚਣ ਵਿੱਚ ਦਿੱਕਤ ਹੋ ਰਹੀ ਹੈ। ਮੰਡੀਆਂ 'ਚ ਉਨ੍ਹਾਂ ਨੂੰ ਖਰੀਦਦਾਰ ਨਹੀਂ ਮਿਲ ਰਹੇ, ਜਿਸ ਕਾਰਨ ਸਬਜ਼ੀ ਅਤੇ ਫਲਾਂ ਦੇ ਕਾਰੋਬਾਰ ਨੂੰ ਵੱਡਾ ਨੁਕਸਾਨ ਹੋਇਆ ਹੈ।
ਥੋਕ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਨੁਕਸਾਨ ਬਹੁਤ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਕੇਂਦਰ ਸਰਕਾਰ ਨੇ ਭਾਵੇਂ ਵੱਖ ਵੱਖ ਖੇਤਰਾਂ ਲਈ 20 ਲੱਖ ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ ਪਰ ਜ਼ਮੀਨੀ ਪੱਧਰ 'ਤੇ ਇਹ ਮਦਦ ਕਦੇਂ ਪੰਹੁਚੇਗੀ ਇਹ ਤਾਂ ਆਉਣ ਵਾਲੇ ਸਮੇਂ 'ਚ ਹੀ ਪਤਾ ਚੱਲੇਗਾ।