ਫ਼ਰੀਦਕੋਟ: ਕੋਟਕਪੂਰਾ ਵਿੱਚ ਇੱਕ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਕੋਈ ਜ਼ਹਿਰੀਲੀ ਵਸਤੂ ਦੇ ਕੇ ਮਾਰਨ ਦੇ ਇਲਜ਼ਾਮ ਲਗਾਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਸਹੁਰੇ ਪਰਿਵਾਰ ਖ਼ਿਲਾਫ਼ ਅਪਰਾਧਿਕ ਧਾਰਾ 304 A ਤਹਿਤ ਮੁਕੱਦਮਾ ਦਰਜ ਕਰ ਲਿਆ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਤੇ ਚਾਚੇ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਜਿਸ ਦਾ ਨਾਂਅ ਜੋਤੀ ਸੀ, ਦਾ ਕਰੀਬ ਅੱਠ ਮਹੀਨੇ ਪਹਿਲਾਂ ਕੋਟਕਪੂਰਾ ਵਿਖੇ ਵਿਆਹ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਦੋਂ ਤੋਂ ਹੀ ਸਹੁਰੇ ਪਰਿਵਾਰ ਵਾਲੇ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਕਈ ਵਾਰ ਪੰਚਾਇਤੀ ਤੌਰ 'ਤੇ ਉਨ੍ਹਾਂ ਨੂੰ ਸਮਝਾਇਆ ਵੀ ਗਿਆ ਸੀ ਪਰ ਉਹ ਬਾਜ ਨਹੀਂ ਆਏ ਅਤੇ ਹੁਣ ਬੀਤੇ ਕਈ ਦਿਨਾਂ ਤੋਂ ਏਸੀ ਦੀ ਮੰਗ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਏਸੀ ਨਹੀਂ ਦੇ ਸਕੇ, ਜਿਸ ਦੇ ਚੱਲਦੇ ਬੀਤੇ ਕੱਲ੍ਹ ਉਨ੍ਹਾਂ ਨੂੰ ਫੋਨ ਆਇਆ ਕਿ ਜੋਤੀ ਨੂੰ ਬੁਖਾਰ ਹੈ ਅਤੇ ਇਹ ਦਵਾਈ ਨਹੀਂ ਲੈ ਰਹੀ, ਜਦੋਂ ਜਾ ਕੇ ਵੇਖਿਆ ਤਾਂ ਜੋਤੀ ਦੀ ਮੌਤ ਹੋ ਚੁੱਕੀ ਸੀ।
ਉਨ੍ਹਾਂ ਦੋਸ਼ ਲਗਾਏ ਕਿ ਉਨ੍ਹਾਂ ਦੀ ਧੀ ਨੂੰ ਸਹੁਰੇ ਪਰਿਵਾਰ ਨੇ ਕੋਈ ਜ਼ਹਿਰੀਲੀ ਵਸਤੂ ਦੇ ਕੇ ਮਾਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਸਹੁਰੇ ਪਰਿਵਾਰ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀ ਧੀ ਦੇ ਕਾਤਲਾਂ ਨੂੰ ਪੁਲਿਸ ਗ੍ਰਿਫ਼ਤਾਰ ਨਹੀਂ ਕਰਦੀ, ਤਦ ਤੱਕ ਉਹ ਆਪਣੀ ਧੀ ਦਾ ਅੰਤਿਮ ਸਸਕਾਰ ਨਹੀਂ ਕਰਨਗੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐੱਸਪੀ ਕੋਟਕਪੂਰਾ ਬਲਕਾਰ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ ਵਾਸੀ ਯੋਗੇਸ਼ ਕੁਮਾਰ ਨੇ ਪੁਲਿਸ ਨੂੰ ਬਿਆਨ ਦਿੱਤੇ ਸਨ ਕਿ ਉਸ ਦੀ ਭੈਣ ਜੋਤੀ ਦਾ ਵਿਆਹ ਕਰੀਬ ਅੱਠ ਮਹੀਨੇ ਪਹਿਲਾਂ ਕੋਟਕਪੂਰਾ ਵਾਸੀ ਸਾਹਿਲ ਸੇਠੀ ਨਾਲ ਹੋਇਆ ਸੀ, ਜਿਸ ਦੀ ਕੱਲ੍ਹ ਸਹੁਰੇ ਘਰ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਨੇ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਕੁੜੀ ਨੂੰ ਕੋਈ ਜ਼ਹਿਰੀਲੀ ਵਸਤੂ ਦੇ ਕੇ ਮਾਰਨ ਦੇ ਇਲਜ਼ਾਮ ਲਗਾਏ ਸਨ, ਜਿਸ 'ਤੇ ਪੁਲਿਸ ਨੇ ਸਹੁਰੇ ਪਰਿਵਾਰ ਦੇ ਚਾਰ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।