ਫਰੀਦਕੋਟ: ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਬੀਤੇ ਕਈ ਸਾਲਾਂ ਤੋਂ ਠੇਕੇ 'ਤੇ ਕੰਮ ਕਰਨ ਵਾਲੇ ਮਲਟੀਪਰਪਜ਼ ਹੈਲਥ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ ਅਤੇ ਨਵੇਂ ਭਰਤੀ ਕੀਤੇ ਗਏ ਮਲਟੀਪਰਪਜ਼ ਹੈਲਥ ਵਰਕਰ ਦਾ ਪਰਬੇਸ਼ਨ ਪੀਰੀਅਡ ਤੁਰੰਤ ਖ਼ਤਮ ਕੀਤਾ ਜਾਵੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਮਲਟੀਪਰਪਜ਼ ਹੈਲਥ ਵਰਕਰ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਉਹ ਬੀਤੇ ਕਈ ਸਾਲਾਂ ਤੋਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਹਰ ਰੋਜ਼ 5-5 ਮੁਲਾਜ਼ਮ ਛੁੱਟੀ ਲੈ ਕੇ ਭੁੱਖ ਹੜਤਾਲ 'ਤੇ ਬੈਠਣਗੇ।
ਇਹ ਵੀ ਪੜ੍ਹੋ: ਖਰੜ 'ਚ ਪੁਲਿਸ ਨਾਲ ਮੁਕਾਬਲੇ ਦੌਰਾਨ ਖ਼ਤਰਨਾਕ ਗੈਂਗਸਟਰ ਬੁੱਟਰ ਜ਼ਖ਼ਮੀ, 4 ਕਾਬੂ
ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦੀ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੀ 7 ਅਗਸਤ ਨੂੰ ਉਨ੍ਹਾਂ ਵੱਲੋਂ ਮੋਤੀ ਮਹਿਲ ਘੇਰਿਆ ਜਾਵੇਗਾ।