ਫ਼ਰੀਦਕੋਟ: ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਜਾਰੀ ਖੇਤੀ ਸੋਧ ਬਿਲ 'ਤੇ ਫ਼ਰੀਦਕੋਟ ਦੇ ਜਿਸ ਕਿਸਾਨ ਨੇ ਪੋਸਟਰ 'ਤੇ ਆਪਣੀ ਫੋਟੋ ਛਾਪੇ ਜਾਣ ਦਾ ਵਿਰੋਧ ਕੀਤਾ ਹੈ, ਦਾ ਸੋਮਵਾਰ ਨੂੰ ਫ਼ਰੀਦਕੋਟ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੂੰ ਸਨਮਾਨਤ ਕਰਨ ਲਈ ਬੀਕੇਯੂ ਰਾਜੇਵਾਲ ਦੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਿਸ਼ੇਸ਼ ਤੌਰ 'ਤੇ ਪੁੱਜੇ।
ਬੀਕੇਯੂ ਰਾਜੇਵਾਲ ਦੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਕਿਸਾਨ ਨੂੰ ਸਨਮਾਨਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਨੇ ਸਰਕਾਰ ਦੇ ਵਿਰੋਧ ਦੀ ਜਿਹੜੀ ਹਿੰਮਤ ਦਿਖਾਈ ਹੈ, ਉਹ ਕਾਬਿਲੇਗੌਰ ਹੈ।
ਉਨ੍ਹਾਂ ਕਿਹਾ ਕਿ ਇੱਕ ਕਿਸਾਨ ਵੱਲੋਂ ਸਰਕਾਰ ਦੀਆਂ ਨੀਤੀਆਂ ਦਾ ਇਸ ਤਰ੍ਹਾਂ ਵਿਰੋਧ ਕਰਨਾ ਬਹੁਤ ਵੱਡੀ ਗੱਲ ਹੈ ਕਿਉਂਕਿ ਕੇਂਦਰ ਸਰਕਾਰ ਇਸ ਤਰ੍ਹਾਂ ਦੇ ਨੋਟੀਫਿਕੇਸ਼ਨ ਲਿਆ ਕੇ ਖੇਤੀ ਖ਼ਤਮ ਕਰਨ 'ਤੇ ਤੁਰੀ ਹੋਈ ਹੈ। ਐਮ.ਐਸ.ਪੀ. ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿ ਉਨ੍ਹਾਂ ਦਾ ਜੋ ਸਨਮਾਨ ਕਿਸਾਨ ਜਥੇਬੰਦੀਆਂ ਨੇ ਕੀਤਾ ਗਿਆ, ਦੇ ਲਈ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਦਾ ਆਪਣੀ ਫੋਟੋ ਲੱਗਣ ਦਾ ਇਤਰਾਜ਼ ਇਸ ਲਈ ਹੈ ਕਿਉਂਕਿ ਕੇਂਦਰ ਸਰਕਾਰ ਦੇ ਇਸ ਖੇਤੀ ਬਿਲ ਦਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਸਮੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹ ਆਪ ਇੱਕ ਕਿਸਾਨ ਹੋਣ 'ਤੇ ਇਸ ਦਾ ਵਿਰੋਧ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਦਿੱਲੀ ਖੇਤੀਬਾੜੀ ਵਿਭਾਗ ਨੇ ਦੱਸਿਆ ਹੈ ਕਿ ਉਸਦੀ ਦੀ ਫੋਟੋ ਹਟਾ ਦਿੱਤੀ ਗਈ ਹੈ ਅਤੇ ਉਹ ਇਸ ਮਾਮਲੇ ਨੂੰ ਲੈ ਕੇ ਆਪਣੇ ਵਕੀਲਾਂ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਕਰਨਗੇ।