ਫ਼ਰੀਦਕੋਟ: ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ਦੇ ਰਾਹ ਵਿੱਚ ਰੋੜੇ ਅਟਕਾ ਕੇ ਭਾਜਪਾ ਦਾ ਪੰਜਾਬ ਵਿੱਚ ਦਾਖ਼ਲਾ ਬੰਦ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਦਾ ਕੋਈ ਵੀ ਬਸ਼ਿੰਦਾ ਭਾਜਪਾ ਨੂੰ ਮੂੰਹ ਨਹੀਂ ਲਗਾਵੇਗਾ। ਇਹ ਗੱਲ ਫ਼ਰੀਦਕੋਟ ਤੋਂ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਹੀ, ਜੋ ਇਨ੍ਹੀਂ ਦਿਨੀਂ ਵੱਖ-ਵੱਖ ਰੁਕਾਵਟਾਂ ਦਾ ਸਾਹਮਣਾ ਕਰਦੇ ਹੋਏ ਦਿੱਲੀ ਜਾ ਰਹੇ ਹਨ।
ਕਿਸਾਨ ਆਗੂ ਨੇ ਰਾਹ ਵਿੱਚ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਬਣਾਈਆਂ ਗਈਆਂ ਰੁਕਾਵਟਾਂ ਬਾਰੇ ਵੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਜਾ ਰਹੇ ਸਨ ਪਰ ਹਰਿਆਣਾ ਅਤੇ ਦਿੱਲੀ ਪੁਲਿਸ ਨੇ ਰਸਤੇ ਪੁੱਟੇ ਹੋਏ ਹਨ ਅਤੇ ਬੈਰੀਕੇਡ ਲਗਾ ਰੱਖੇ ਹਨ। ਨਾਲ ਹੀ ਹਰਿਆਣਾ ਸਰਕਾਰ ਦੇ ਕਹਿਣ 'ਤੇ ਪੁਲਿਸ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਗੱਲ ਕੇਂਦਰ ਸਰਕਾਰ ਨੂੰ ਸੁਣਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਉਪਰ ਹੋਏ ਤਸ਼ੱਦਦ ਕਾਰਨ ਭਾਜਪਾ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਪੰਜਾਬ ਦੇ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੋ ਕਿਸਾਨ ਹਾਲੇ ਦਿੱਲੀ ਵੱਲ ਕੂਚ ਨਹੀਂ ਕਰ ਸਕੇ ਉਹ ਵੀ ਜਲਦ ਦਿੱਲੀ ਵੱਲ ਕੂਚ ਕਰਨ ਤਾਂ ਜੋ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਸਕੇ ਅਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨ ਵਾਪਸ ਕਰਵਾਏ ਜਾ ਸਕਣ।