ਫਰੀਦਕੋਟ : 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਗੋਲੀ ਦੇ ਮਾਮਲੇ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਨੇ ਪੰਜਾਬ ਸਰਕਾਰ ਅਤੇ ਕਾਂਗਰਸੀ ਆਗੂਆਂ ਬਾਰੇ ਨਵੀਂ ਚਰਚਾ ਛੇੜ ਦਿੱਤੀ ਸੀ। ਹੁਣ ਇਸ ਮਾਮਲੇ ਦੇ ਦੂਜੇ ਗਵਾਹ ਅਤੇ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਵੀ ਪੰਜਾਬ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕੀਤੇ ਹਨ।
ਰੇਸ਼ਮ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਂਗਰਸ ਦੀ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਨੂੰ ਬਚਾ ਰਹੀ ਹੈ। ਉਨ੍ਹਾਂ ਇਥੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਫ਼ਸਰਾਂ ਨੂੰ ਇੱਕ ਕਾਂਗਰਸੀ ਮੰਤਰੀ ਦੇ ਰਿਸ਼ਤੇਦਾਰ ਹੋਣ ਕਾਰਨ ਉਨ੍ਹਾਂ ਦੇ ਨਾਮ ਐੱਫ.ਆਈ.ਆਰ. ਵਿੱਚੋਂ ਨਾਮ ਬਾਹਰ ਕੱਢ ਦਿੱਤਾ ਗਿਆ ਹੈ।
ਇਸ ਨਾਲ ਹੀ ਉਨ੍ਹਾਂ ਕਿਹਾ ਉਸ ਉੱਪਰ ਪਹਿਲਾਂ ਵੀ ਇੱਕ ਹਮਲਾ ਹੋ ਚੁੱਕਿਆ ਹੈ, ਜਿਸ ਦੀ ਸ਼ਕਾਇਤ ਉਸ ਵੱਲੋਂ ਥਾਣਾ ਬਾਜਾਖਾਨ ਵਿੱਚ ਕਰਵਾਈ ਗਈ ਸੀ ਪਰ ਉਸ ਸ਼ਕਾਇਤ ਉੱਪਰ ਹਾਲੇ ਤੱਕ ਕੋਈ ਕਾਰਵਾਰੀ ਨਹੀਂ ਹੋਈ।
ਇਹ ਵੀ ਪੜ੍ਹੋ :SGPC ਦਾ 13 ਮੈਂਬਰੀ ਵਫ਼ਦ ਪਾਕਿਸਤਾਨ ਲਈ ਹੋਇਆ ਰਵਾਨਾ
ਰੇਸ਼ਮ ਸਿੰਘ ਨੇ ਕਿਹਾ ਕਿ ਉਸ ਨੂੰ ਮੌਜੂਦ ਸਰਕਾਰ ਉੱਤੇ ਬਿਲਕੁਲ ਹੀ ਭਰੌਸਾ ਨਹੀਂ ਰਿਹਾ ਕਿ ਇਹ ਸਰਕਾਰ ਇਸ ਮਾਮਲੇ ਦੀ ਸਹੀ ਜਾਂਚ ਕਰੇਗੀ। ਕਿਉਂਕਿ ਇਸ ਦੇ ਮੰਤਰੀ ਹੀ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ ਅਤੇ ਗਵਾਹਾਂ ਨੂੰ ਡਰਾਇਆ ਜਾ ਰਿਹਾ ਹੈ।