ਫ਼ਰੀਦਕੋਟ: UAPA ਦੇ ਖ਼ਿਲਾਫ਼ ਸਿੱਖ ਜੱਥੇਬੰਦੀਆਂ ਲਗਾਤਾਰ ਆਪਣਾ ਰੋਸ ਪ੍ਰਗਟ ਕਰਕੇ ਇਸ ਨੂੰ ਜਲਦ ਹਟਾਉਣ ਦੀ ਮੰਗ ਕਰ ਰਹੀਆਂ ਹਨ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲੇ ਦੀ ਅਗਵਾਈ 'ਚ ਜ਼ਿਲ੍ਹੇ ਦੇ ਹਰ ਥਾਣਾ ਮੁੱਖੀ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ।
ਜਸਕਰਨ ਸਿੰਘ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਕਿਸੇ ਨੂੰ ਵੀ ਆਪਣੇ ਹੱਕਾਂ ਦੀ ਗੱਲ ਕਹਿਣ ਦੀ ਅਜ਼ਾਦੀ ਨਹੀਂ ਅਤੇ ਜੇਕਰ ਕੋਈ ਸੋਸ਼ਲ ਮੀਡਿਆ 'ਤੇ ਪੋਸਟ ਪਾਉਂਦਾ ਹੈ ਤਾਂ ਉਸਦੇ ਖਿਲਾਫ ਕਾਨੂੰਨੀ ਕਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੀ ਗੱਲ ਰੱਖਣ ਦੀ ਅਜ਼ਾਦੀ ਹੈ ਅਤੇ ਇਸ ਕਾਨੂੰਨ ਤਹਿਤ ਖਾਸ ਕਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸਦਾ ਉਹ ਵਿਰੋਧ ਕਰਦੇ ਹਨ।
ਦੂਜੇ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਮਾਮਲੇ ਵਿੱਚ ਦੋਸ਼ੀ ਡੇਰਾ ਪ੍ਰੇਮੀਆ ਨੂੰ ਅਦਾਲਤ ਵੱਲੋਂ ਮਿਲੀ ਜ਼ਮਾਨਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜੁਡੀਸ਼ਰੀ 'ਤੇ ਕਈ ਸਵਾਲ ਚੁੱਕੇ ਹਨ।