ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਸਬੰਧਿਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਘੇਰਾ ਸੰਘਣਾ ਕਰਦੀ ਜਾ ਰਹੀ ਹੈ। ਫ਼ਰੀਦਕੋਟ ਅਦਾਲਤ ਵਿੱਚ SIT ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਦਰਜ FIR ਨੰਬਰ 129 ਸੁਮੇਧ ਸਿੰਘ ਸੈਣੀ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ।
ਅਦਾਲਤ ਨੇ ਸੁਮੇਧ ਸਿੰਘ ਸੈਣੀ ਨੂੰ ਪੇਸ਼ ਹੋਣ ਲਈ 18 ਫ਼ਰਵਰੀ ਲਈ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ SIT ਨੇ ਸੁਮੇਧ ਸਿੰਘ ਸੈਣੀ ਖ਼ਿਲਾਫ਼ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ, ਜਿਸ ਵਿੱਚ ਅਦਾਲਤ ਨੇ ਸੁਮੇਧ ਸਿੰਘ ਸੈਣੀ ਨੂੰ 9 ਫ਼ਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ।
ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪਿਛਲੇ ਦਿਨੀਂ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ।