ਫ਼ਰੀਦਕੋਟ: ਚੋਣ ਜਾਬਤਾ ਹਟਦਿਆਂ ਹੀ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾਂ, ਜਮਾਨਤ 'ਤੇ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਸਣੇ 6 ਲੋਕਾਂ ਵਿਰੁੱਧ ਚਲਾਨ ਪੇਸ਼ ਕਰ ਦਿੱਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ SIT ਵਲੋਂ ਮਾਣਯੋਗ ਅਦਾਲਤ ਵਿਚ ਉਮਰਾਨੰਗਲ, ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ, ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ, ਥਾਣਾ ਸਿਟੀ ਕੋਟਕਪੂਰਾ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਪੰਧੇਰ ਅਤੇ ਪਰਮਜੀਤ ਸਿੰਘ ਪੰਨੂ ਵਿਰੁੱਧ ਚਲਾਨ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਅਜੇ ਉਨ੍ਹਾਂ ਨੂੰ ਚਲਾਨ ਦੀ ਕਾਪੀ ਉਪਲੱਬਧ ਨਹੀਂ ਕਰਵਾਈ ਗਈ ਅਤੇ ਇਸ ਮਾਮਲੇ ਵਿਚ ਪੇਸ਼ੀ ਲਈ 6 ਜੂਨ 2019 ਦੀ ਤਾਰੀਕ ਰੱਖੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਮਾਨਤ 'ਤੇ ਹਨ ਅਤੇ ਚਰਨਜੀਤ ਸ਼ਰਮਾਂ ਨੂੰ ਵੀ ਅਦਾਲਤ ਨੇ 2 ਜੁਲਾਈ ਤੱਕ ਇੰਟਰਮ ਬੇਲ ਦੇ ਦਿੱਤੀ ਹੈ। ਇਸੇ ਤਰ੍ਹਾਂ ਹੀ ਮਨਤਾਰ ਸਿੰਘ ਬਰਾੜ ਨੂੰ ਵੀ ਇਸ ਮਾਮਲੇ ਵਿਚ ਅਦਾਲਤ ਵੱਲੋਂ ਰਾਹਤ ਮਿਲੀ ਹੋਈ ਹੈ।